ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਰੂਰਲ ਹੈਲਥ ਦਰਜਾ ਚਾਰ ਕਰਮਚਾਰੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਏ. ਡੀ. ਸੀ. (ਡੀ) ਅੱਗੇ ਧਰਨਾ ਦਿੱਤਾ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਗੁਰਦੇਵ ਸਿੰਘ, ਗੁਰਬਾਜ ਸਿੰਘ ਜੰਡੋਕੇ, ਜਸਵਿੰਦਰ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ, ਰਜਿੰਦਰ ਸਿੰਘ, ਛਿੰਦਰਪਾਲ ਕੌਰ, ਪਰਵਿੰਦਰ ਕੌਰ ਹੋਰਾਂ ਨੇ ਦੱਸਿਆ ਕਿ ਉਹ ਪਿਛਲੇ 14 ਸਾਲਾਂ ਤੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਬਤੌਰ ਦਰਜਾ ਚਾਰ ਕਰਮਚਾਰੀ ਡਿਊਟੀ ਦੇ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਰੈਗਲਰ ਕਰਨ ਦੀ ਬਜਾਏ ਲਾਰਿਆਂ ‘ਚ ਡੰਗ ਟਪਾ ਰਹੀ ਹੈ, ਜਿਸ ਦੇ ਚਲਦਿਆਂ ਦਰਜਾ ਚਾਰ ਕਾਮਿਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਧਰਨੇ ‘ਤੇ ਬੈਠੇ ਦਰਜਾ ਚਾਰ ਕਾਮਿਆਂ ਨੇ ਦੱਸਿਆ ਕਿ ਉਹ ਪਿਛਲੇ 14 ਸਾਲਾਂ ਤੋਂ ਸਿਰਫ 45 ਸੌ ਰੁਪਏ ਮਹੀਨਾ ‘ਤੇ ਡਿਊਟੀ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਨਾਲ-ਨਾਲ ਤਨਖਾਹਾਂ ‘ਚ ਵਾਧਾ ਕੀਤਾ ਜਾਵੇ।