ਭੁਪਿੰੰਦਰ ਪੰਨੀਵਾਲੀਆ
ਕਾਲਾਂਵਾਲੀ, 10 ਜੁਲਾਈ
ਖੇਤਰ ਦੇ ਪਿੰਡ ਗਦਰਾਣਾ ਦੇ ਸਰਕਾਰੀ ਹਾਈ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਅੱਜ ਵਿਦਿਆਰਥੀਆਂ ਅਤੇ ਮਾਪਿਆਂ ਨੇ ਸਰਪੰਚ ਬੇਅੰਤ ਸਿੰਘ ਦੀ ਅਗਵਾਈ ਵਿੱਚ ਸਕੂਲ ਦੇ ਮੁੱਖ ਗੇਟ ’ਤੇ ਧਰਨਾ ਦਿੱਤਾ। ਬਲਾਕ ਸਿੱਖਿਆ ਅਫ਼ਸਰ ਔਢਾਂ ਵਨਿੋਦ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਲਿਖਤੀ ਤੌਰ ’ਤੇ ਭਰੋਸਾ ਦਿੱਤਾ ਕਿ ਦੋ ਦਿਨਾਂ ਵਿੱਚ ਦੋ ਅਧਿਆਪਕ ਨਿਯੁਕਤ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਧਰਨਾ ਸਮਾਪਤ ਕਰ ਦਿੱਤਾ। ਉਨ੍ਹਾਂ ਨਾਲ ਵਿਕਰਮਜੀਤ, ਰਾਜਨ ਗਰਗ, ਜਗਸੀਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਇਸ ਮੌਕੇ ’ਤੇ ਸਰਪੰਚ ਬੇਅੰਤ ਸਿੰਘ ਨੇ ਕਿਹਾ ਕਿ ਸਰਕਾਰ ਦੀ ਸੂਬੇ ਵਿੱਚ ਸਰਕਾਰੀ ਸਕੂਲਾਂ ਨੂੰ ਖਤਮ ਕਰਨ ਦੀ ਯੋਜਨਾ ਹੈ। ਸਰਕਾਰ ਨਵੇਂ ਅਧਿਆਪਕ ਭਰਤੀ ਕਰਨ ਦੀ ਬਜਾਏ ਸਕੂਲਾਂ ਨੂੰ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਅਧਿਆਪਕਾਂ ਦੀਆਂ 14 ਅਸਾਮੀਆਂ ਹਨ ਪਰ ਸਕੂਲ ਵਿੱਚ ਸਿਰਫ਼ ਦੋ ਅਧਿਆਪਕ ਹਨ। ਪਿੰਡ ਦੀਆਂ ਔਰਤਾਂ ਨੇ ਕਿਹਾ ਕਿ ਜਦੋਂ ਸਕੂਲਾਂ ਵਿੱਚ ਪੜ੍ਹਾਉਣ ਵਾਲਾ ਹੀ ਨਹੀਂ ਤਾਂ ਉਹ ਆਪਣੇ ਬੱਚਿਆਂ ਨੂੰ ਕਿਵੇਂ ਪੜ੍ਹਾਉਣਗੀਆਂ। ਸਕੂਲ ਅੱਗੇ ਧਰਨੇ ਦੀ ਸੂਚਨਾ ਮਿਲਦਿਆਂ ਹੀ ਬਲਾਕ ਸਿੱਖਿਆ ਅਧਿਕਾਰੀ ਔਢਾਂ ਵਨਿੋਦ ਕੁਮਾਰ ਮੌਕੇ ’ਤੇ ਪੁੱਜੇ ਅਤੇ ਪਿੰਡ ਵਾਸੀਆਂ ਤੋਂ ਜਾਣਕਾਰੀ ਲਈ। ਬਲਾਕ ਸਿੱਖਿਆ ਅਫ਼ਸਰ ਨੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਦੋ ਦਿਨਾਂ ਵਿੱਚ ਸਕੂਲ ਵਿੱਚ ਦੋ ਅਧਿਆਪਕ ਨਿਯੁਕਤ ਕਰ ਦਿੱਤੇ ਜਾਣਗੇ। ਮਗਰੋਂ ਪਿੰਡ ਵਾਸੀਆਂ ਨੇ ਧਰਨਾ ਸਮਾਪਤ ਕਰ ਦਿੱਤਾ।। ਇਸ ਮੌਕੇ ਕੁਲਦੀਪ ਸਿੰਘ, ਜੀਵਨ ਸਿੰਘ, ਗੁਰਪ੍ਰੀਤ ਸਿੰਘ, ਮੇਜਰ ਸਿੰਘ, ਰੇਸ਼ਮ ਸਿੰਘ, ਪਲਵਿੰਦਰ ਸਿੰਘ, ਹਰਵਿੰਦਰ ਸਿੰਘ ਹਾਜ਼ਰ ਸਨ।