ਜੋਗਿੰਦਰ ਸਿੰਘ ਮਾਨ
ਮਾਨਸਾ, 25 ਸਤੰਬਰ
ਗੁਲਾਬੀ ਸੁੰਡੀ ਦੇ ਹਮਲੇ ਨਾਲ ਜੱਦੋ-ਜਹਿਦ ਕਰਨ ਵਾਲੇ ਅੰਨਦਾਤਾ ਨੇ ਜਦੋਂ ਅੱਕ ਕੇ ਨਰਮੇ ਉੱਤੇ ਰੋਟਾਵੇਟਰ ਚਲਾਉਣਾ ਆਰੰਭ ਕਰ ਦਿੱਤਾ ਤਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਚਰਨਜੀਤ ਸਿੰਘ ਚੰਨੀ ਦੀ ਨਵੀਂ ਬਣੀ ਪੰਜਾਬ ਸਰਕਾਰ ਨੇ ਮਾਲਵਾ ਖੇਤਰ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸੁੰਡੀ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਜਦੋਂ ਸੁੰਡੀ ਦਾ ਹਮਲਾ ਆਰੰਭ ਹੋਇਆ ਤਾਂ ਕਿਸਾਨ ਜਥੇਬੰਦੀਆਂ ਨੇ ਬੀਟੀ ਨਰਮੇ ਦੇ ਬੀਜ ਵਿਚ ਘਪਲਾ ਹੋਣ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਧਰਨਿਆਂ-ਮੁਜ਼ਾਰਿਆਂ ਵਿੱਚ ਲਿਆਂਦਾ ਅਤੇ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਦੇ ਘਿਰਾਓ ਕਰਨੇ ਆਰੰਭ ਕਰ ਦਿੱਤੇ। ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਜਦੋਂ ਬੀਜ ਬੀਟੀ ਹੈ, ਫਿਰ ਸੁੰਡੀ ਦਾ ਹਮਲਾ ਕਿਉਂ ਹੋ ਰਿਹਾ ਹੈ ਅਤੇ ਇਹ ਮਹਿੰਗੀਆਂ ਤੇ ਖੇਤੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਵਾਲੀਆਂ ਦਵਾਈਆਂ ਨਾਲ ਮਰ ਕਿਉਂ ਨਹੀਂ ਰਹੀ ਹੈ। ਬਾਅਦ ਵਿੱਚ ਸੁੰਡੀ ਆਊਟ ਆਫ ਕੰਟਰੋਲ ਹੋ ਗਈ ਤਾਂ ਕਿਸਾਨ ਨੇ ਅੱਕ ਕੇ ਨਰਮੇ ਨੂੰ ਵਾਹੁਣ ਲੱਗ ਪਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਰੌਲਾ ਪਾਉਣ ਤੋਂ ਬਾਅਦ ਜਦੋਂ ਰਾਜਸੀ ਧਿਰਾਂ ਨੇ ਇਸ ਮਾਮਲੇ ਨੂੰ ਉਠਾਉਣਾ ਆਰੰਭ ਕਰ ਦਿੱਤਾ ਤਾਂ ਨਵੀਂ ਬਣੀ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਇਸ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਇਸ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਉਨ੍ਹਾਂ ਵੱਲੋਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਗਿਰਦਾਵਰੀ ਪੰਜਾਬ ਲੈਂਡ ਰਿਕਾਰਡ ਮੈਨੂਅਲ ਵਿੱਚ ਦਿੱਤੇ ਗਏ ਪ੍ਰਵਧਾਨ ਅਨੁਸਾਰ ਮੁਕੰਮਲ ਕੀਤੀ ਜਾਵੇ ਅਤੇ ਰਿਪੋਰਟ ਸਦਰ ਦਫ਼ਤਰ ਨੂੰ ਭੇਜੀ ਜਾਵੇ। ਹੁਕਮਾਂ ਵਿੱਚ ਇਹ ਸਪੈਸ਼ਲ ਗਿਰਦਾਵਰੀ 23 ਸਤੰਬਰ ਤੋਂ 3 ਅਕਤੂਬਰ ਤੱਕ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਕੁਲੈਕਟਰ ਨੇ ਉਪ ਮੰਡਲ ਮੈਜਿਸਟਰੇਟ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਨੂੰ ਸਪੈਸ਼ਲ ਗਿਰਦਾਵਰੀ ਦੇ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾ ਕੇ ਰਿਪੋਰਟ ਭੇਜਣ ਦੀ ਹਦਾਇਤ ਕੀਤੀ ਹੈ।