ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 16 ਦਸੰਬਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵੀ ਮੌਜੂਦ ਸਨ। ਰਾਜਪਾਲ ਨੇ ਇੱਥੇ ਟਿੱਲਾ ਬਾਬਾ ਫ਼ਰੀਦ ਵਿਖੇ ਮੱਥਾ ਟੇਕਿਆ ਜਿੱਥੇ ਬਾਬਾ ਫਰੀਦ ਸੰਸਥਾਵਾਂ ਦੇ ਸੇਵਾਦਾਰ ਇੰਦਰਜੀਤ ਸਿੰਘ ਖਾਲਸਾ ਅਤੇ ਮਹੀਪਇੰਦਰ ਸਿੰਘ ਸੇਖੋਂ ਨੇ ਉਹਨਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਫ਼ਰੀਦਕੋਟ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਨੂੰ ਸੰਭਾਲ ਰਹੀ ਹੈ।
ਰਾਜਪਾਲ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
ਮੋਗਾ (ਨਿੱਜੀ ਪੱਤਰ ਪ੍ਰੇਰਕ): ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਸਥਾਨਕ ਲੋਕ ਨਿਰਮਾਣ ਵਿਭਾਗ ਗੈਸਟ ਹਾਊਸ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਤੇ ਹਦਾਇਤ ਕੀਤੀ ਕਿ ਲੋਕ ਪੱਖੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।