ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 20 ਜੁਲਾਈ
ਪੰਜਾਬ ਸਰਕਾਰ ਸੂਬੇ ਵਿੱਚ ਹਰਿਆਲੀ ਵਧਾਉਣ ਲਈ ਵਚਨਬੱਧ ਹੈ ਤੇ ਇਸ ਸੋਚ ਨੂੰ ਅਮਲੀ ਜਾਮਾ ਪਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਮੁਹਿੰਮ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਤਹਿਤ ਬਰਨਾਲਾ ਵੱਲੋਂ ਇਸ ਸਾਲ 6 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਇਹ ਪ੍ਰਗਟਾਵਾ ਉਚੇਰੀ ਸਿੱਖਿਆ ਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਕਰਵਾਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਬੂਟੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੇ ਨਵੀਂ ਪੁਲਾਂਘਾਂ ਪੁੱਟਦਿਆਂ ਕੁੱਲ 6 ਲੱਖ ਤੇ ਹਰ ਹਲਕੇ ’ਚ 2 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੰਡਿਆਇਆ, ਤਾਜੋਕੇ, ਜੰਗੀਆਣਾ, ਬੀਹਲਾ, ਠੀਕਰੀਵਾਲ, ਮਹਿਲ ਕਲਾਂ ਤੇ ਮਨਾਲ ਵਿਚ ਮਿਨੀ ਜੰਗਲ ਵਿਕਸਤ ਕਰਨ ਲਈ 100 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ‘ਗਰੀਨ ਬ੍ਰਿਗੇਡ’ ਵਜੋਂ ਇਸ ਲਹਿਰ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ।
ਵਿਧਾਇਕ ਕੁਲਵੰਤ ਪੰਡੋਰੀ ਨੇ ਸਕੂਲ ਵਿੱਚ ਬੂਟੇ ਲਾਏ
ਮਹਿਲ ਕਲਾਂ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਹਰਿਆਵਲ ਲਹਿਰ ਤਹਿਤ ਅੱਜ ਮਹਿਲ ਕਲਾਂ ਹਲਕੇ ’ਚ ਬੂਟੇ ਲਾਉਣ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਸਥਾਨਕ ਸ਼ਹੀਦ ਬੀਬੀ ਕਿਰਨਜੀਤ ਕੌਰ ਸਰਕਾਰੀ ਸਕੂਲ ਤੋਂ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬੂਟੇ ਲਗਾ ਕੇ ਮੁਹਿੰਮ ਦਾ ਆਗਾਜ਼ ਕੀਤਾ।