ਜੋਗਿੰਦਰ ਸਿੰਘ ਮਾਨ
ਮਾਨਸਾ, 6 ਨਵੰਬਰ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਜੇਕਰ ਉਨ੍ਹਾਂ ਦੀ ਨੌਕਰੀ ਨੂੰ ਸੁਰੱਖਿਅਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਆਰਥਿਕ ਅਤੇ ਮਾਨਸਿਕ ਸੋਸ਼ਣ ਦਾ ਸ਼ਿਕਾਰ ਹੋਏ, ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਸਰਕਾਰ ਵੱਲੋਂ ਨਵੀਆਂ ਅਸਾਮੀਆਂ ਕੱਢ ਕੇ ਉਨ੍ਹਾਂ ਦੀਆਂ ਨੌਕਰੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਇਕਾਈ ਦੇ ਪ੍ਰਧਾਨ ਪ੍ਰੋ. ਕੁਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਪੀਟੀਏ ਫੰਡਾਂ ਵਿੱਚੋਂ ਅਧਿਆਪਕਾਂ ਨੂੰ ਤਨਖਾਹ ਦਿੱਤੀ ਜਾ ਰਹੀ ਹੈ, ਜਿਸ ਕਾਰਨ ਗਰੀਬ ਵਿਦਿਆਰਥੀਆਂ ’ਤੇ ਆਰਥਿਕ ਬੋਝ ਵੱਧ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਉਨ੍ਹਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਦੀ ਸਾਰੀ ਤਨਖਾਹ 56,100 ਸਰਕਾਰੀ ਖਜ਼ਾਨੇ ’ਚੋਂ ਦੇਣ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਸਹਾਇਕ ਪ੍ਰੋਫੈਸਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਬਠਿੰਡਾ (ਮਨੋਜ ਸ਼ਰਮਾ): ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਵਿੱਚ ਛੇਵੇਂ ਦਿਨ ਵੀ ਧਰਨਾ ਪ੍ਰਦਰਸ਼ਨ ਜਾਰੀ ਰਿਹਾ। ਇਸ ਮੌਕੇ ਪ੍ਰੋਫੈਸਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 15-20 ਸਾਲਾਂ ਤੋਂ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ, ਗੈਸਟ ਫੈਕਲਟੀ/ਪਾਰਟ ਟਾਈਮ/ਕੰਟਰੈਕਟ ਅਧਿਆਪਕਾਂ ਵਿਰੁੱਧ ਨਵੀਆਂ ਪੋਸਟਾਂ ਪ੍ਰਕਾਸ਼ਿਤ ਕਰਕੇ ਸਾਡਾ ਰੁਜ਼ਗਾਰ ਖੋਹਣ ਦੀ ਪੂਰੀ ਤਿਆਰੀ ਕੀਤੀ ਹੋਈ ਹੈ। ਗੈਸਟ ਫੈਕਲਟੀ ਅਧਿਆਪਕਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਗੈਸਟ ਫੈਕਲਟੀ/ਪਾਰਟ ਟਾਈਮ/ਕੰਟਰੈਕਟ ਅਧਿਆਪਕਾਂ ਦੀ ਨੌਕਰੀ ਸੁਰੱਖਿਅਤ ਕਰਕੇ ਰੈਗੁਲਰ ਪ੍ਰੋਫੈਸਰਾਂ ਨੂੰ ਵਿਭਾਗੀ ਤਰੱਕੀ ਦੇ ਕੇ ਪ੍ਰਿੰਸੀਪਲ ਪ੍ਰਮੋਟ ਕੀਤਾ ਜਾਵੇ ਅਤੇ ਪ੍ਰਿੰਸੀਪਲਾਂ ਵਿਚੋਂ ਹੀ ਡੀਪੀਆਈ ਲਗਾਇਆ ਜਾਵੇ।