ਪੱਤਰ ਪ੍ਰੇਰਕ
ਜੈਤੋ, 14 ਨਵੰਬਰ
ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ’ਚ ਅੱਜ ‘ਬਾਲ ਦਿਵਸ’ ਤੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਾਂਝਾ ਸਮਾਗਮ ਕੀਤਾ ਗਿਆ। ਅਧਿਆਪਕਾਂ ਨੇ ਗੁਰੂ ਨਾਨਕ ਦੇਵ ਦੇ ਜੀਵਨ ਨਾਲ ਸਬੰਧਤ ਕਈ ਪ੍ਰੇਰਨਾਦਾਇਕ ਘਟਨਾਵਾਂ ਸੁਣਾ ਕੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਸਕੂਲ ਦੇ ਸੰਗੀਤ ਵਿਭਾਗ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਇਹ ਵੀ ਦੱਸਿਆ ਗਿਆ ਕਿ ਭਾਰਤ ਵਿੱਚ ਹਰ ਸਾਲ 14 ਨਵੰਬਰ ਨੂੰ ‘ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨਾਲ ਜੁੜਿਆ ਹੋਇਆ ਹੈ, ਜੋ ਕਿ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ।
ਇਸ ਮੌਕੇ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਸਾਂਝੇ ਤੌਰ ’ਤੇ ਮਨੋਰੰਜਕ ਗੀਤ, ਸੰਗੀਤ, ਕਵਿਤਾਵਾਂ ਅਤੇ ਭੰਗੜੇ ਦੀ ਬਿਹਤਰੀਨ ਪੇਸ਼ਕਾਰੀ ਕੀਤੀ ਗਈ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਬੱਚਿਆਂ ਨੂੰ ਨੇ ਕਿਹਾ ਗੁਰੂ ਨਾਨਕ ਦੇਵ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ, ਇਸ ਲਈ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਾਰਥਿਕ ਹੋਵੇਗਾ ਜੇ ਅਸੀਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਰਬੱਤ ਦਾ ਭਲਾ ਕਰਦੇ ਹੋਏ ਦਾਨ ਪੁੰਨ ਕਰਦੇ ਰਹੀਏ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ‘ਬਾਲ ਦਿਵਸ ਸੱਚਮੁੱਚ ਤੁਹਾਡਾ ਆਪਣਾ ਦਿਨ ਹੈ। ਇਹ ਉਹ ਦਿਨ ਹੈ ਜਦੋਂ ਅਸੀਂ ਤੁਹਾਡੀ ਸਾਦਗੀ, ਮਾਸੂਮੀਅਤ ਅਤੇ ਉਤਸੁਕਤਾ ਦੀ ਤਾਰੀਫ਼ ਕਰਦੇ ਹਾਂ।’ ਇਸ ਤੋਂ ਇਲਾਵਾ ਐਲਕੇਜੀ ਅਤੇ ਯੂਕੇਜੀ ਦੇ ਨੰਨ੍ਹੇ ਮੁੰਨਿਆਂ ਨੂੰ ਸਥਾਨਕ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਦੇ ਦਰਸ਼ਨਾਂ ਲਈ ਲਿਜਾਇਆ ਗਿਆ।