ਜਸਵੰਤ ਜੱਸ
ਫ਼ਰੀਦਕੋਟ, 12 ਜੂਨ
ਫ਼ਰੀਦਕੋਟ ਪੁਲੀਸ ਨੇ ਸਥਾਨਕ ਆਯੂਰਵੈਦਿਕ ਦਫ਼ਤਰ ਦੇ ਇੱਕ ਸਿਹਤ ਅਧਿਕਾਰੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਔਰਤ ਨੇ ਸਿਟੀ ਪੁਲੀਸ ਫਰੀਦਕੋਟ ਨੂੰ ਸ਼ਿਕਾਇਤ ਕੀਤੀ ਸੀ ਕਿ ਆਯੂਰਵੈਦਿਕ ਵਿਭਾਗ ਦੇ ਸੀਨੀਅਰ ਸਹਾਇਕ ਰਵਿੰਦਰ ਕੁਮਾਰ ਨੇ ਕਥਿਤ ਤੌਰ ‘ਤੇ ਡਿਊਟੀ ਸਮੇਂ ਦੌਰਾਨ ਉਸ ਨਾਲ ਛੇੜਛਾੜ ਅਤੇ ਦੁਰਵਿਹਾਰ ਕੀਤਾ। ਪੁਲੀਸ ਨੇ ਮੁੱਢਲੀ ਪੜਤਾਲ ਤੋਂ ਬਾਅਦ ਰਵਿੰਦਰ ਕੁਮਾਰ ਖਿਲਾਫ਼ ਆਈ.ਪੀ.ਸੀ ਦੀ ਧਾਰਾ 354/506 ਤਹਿਤ ਕੇਸ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਪੀੜਤ ਔਰਤ ਦੀ ਸ਼ਿਕਾਇਤ ਦੇ ਅਧਾਰ ‘ਤੇ ਕੇਸ ਦਰਜ ਕਰਨ ਤੋਂ ਬਾਅਦ ਸਥਾਨਕ ਪੁਲੀਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ।