ਰਵਿੰਦਰ ਰਵੀ
ਬਰਨਾਲਾ, 10 ਅਕਤੂਬਰ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੀ ਬਰਨਾਲਾ ਦੇ ਮੁੱਖ ਸਦਰ ਬਾਜ਼ਾਰ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਮਨਾਈ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਭਾਜਪਾਈਆਂ ਨੇ ਲੱਡੂ ਅਤੇ ਜਲੇਬੀਆਂ ਵੰਡ ਕੇ ਜਿੱਤ ਦਾ ਜਸ਼ਨ ਮਨਾਇਆ। ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਦੀ ਬਹੁਤ ਇਤਿਹਾਸਕ ਜਿੱਤ ਹੋਈ ਹੈ। ਹਰਿਆਣਾ ਦੇ ਸੂਝਵਾਨ ਵੋਟਰਾਂ ਨੇ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾ ਕੇ ਰਿਕਾਰਡ ਬਣਾ ਦਿੱਤਾ ਹੈ। ਇਸ ਦਾ ਜਿੱਤ ਦਾ ਸਾਰਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਜੇਪੀ ਨੱਡਾ ਅਤੇ ਹੋਰ ਸਾਰੀ ਸਮੁੱਚੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਦੀਆ ਜ਼ਿਮਨੀ ਚੋਣਾਂ ਵਿੱਚ ਭਾਜਪਾ ਦੀ ਜਿੱਤ ਹੋਵੇਗੀ ਅਤੇ ਆਪ ਨੂੰ ਹਾਰ ਦਾ ਮੂੰਹ ਦੇਖਣਾ ਪਵੇਗਾ। ਉਨ੍ਹਾਂ ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿੱਚ ਵੀ ਭਾਜਪਾ ਦੀ ਵੱਡੀ ਲੀਡ ਨਾਲ ਜਿੱਤ ਦਾ ਦਾਅਵਾ ਕੀਤਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਨੂੰ ਲੈ ਕੇ ਕਿਹਾ ਕਿ ਭਾਜਪਾ ਦੀ ਇਹਨਾਂ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਹੈ ਅਤੇ ਜਲਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ, ਧਰਮ ਸਿੰਘ ਫ਼ੌਜੀ, ਜੱਗਾ ਸਿੰਘ ਮਾਨ, ਕੁਲਦੀਪ ਸਿੰਘ ਧਾਲੀਵਾਲ, ਕੌਂਸਲਰ ਨਰਿੰਦਰ ਨੀਟਾ, ਪ੍ਰੇਮ ਪ੍ਰੀਤਮ ਜਿੰਦਲ, ਸੁਭਾਸ਼ ਮੱਕੜਾ, ਪਰਮਜੀਤ ਕੌਰ ਚੀਮਾ ਤੇ ਵਰਕਰ ਹਾਜ਼ਰ ਸਨ।