ਪੱਤਰ ਪ੍ਰੇਰਕ
ਬਾਘਾ ਪੁਰਾਣਾ 10 ਮਾਰਚ
ਬਾਘਾ ਪੁਰਾਣਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ 33554 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ। ਇਸ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਇਸ ਜਿੱਤ ਨੇ ਹੁਣ ਤੱਕ ਦੀਆਂ ਸਭਨਾਂ ਵਿਧਾਨ ਸਭਾ ਚੋਣਾਂ ਦੇ ਸਾਰੇ ਰਿਕਾਰਡ ਤੋੜ ਕੇ ਨਵਾਂ ਇਤਿਹਾਸ ਬਣਾਇਆ ਹੈ। ਅੰਮ੍ਰਿਤਪਾਲ ਸਿੰਘ ਨੂੰ ਕੁੱਲ 66859 ਵੋਟ ਮਿਲੇ, ਕਿ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਤੀਰਥ ਸਿੰਘ ਮਾਹਲਾ 33305 ਵੋਟ ਲੈ ਕੇ ਦੂਜੇ ਨੰਬਰ ’ਤੇ ਰਹੇ। ਕਾਂਗਰਸ ਪਾਰਟੀ ਦੇ ਉਮੀਦਵਾਰ ਜੋ ਕਿ ਇਸ ਹਲਕੇ ਤੋਂ ਮੌਜੂਦਾ ਵਿਧਾਇਕ ਵੀ ਸਨ ਨੂੰ 8003 ਵੋਟ ਮਿਲੇ ਅਤੇ ਉਹ ਤੀਜੇ ਸਥਾਨ ’ਤੇ ਰਹੇ। ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰ ਭੋਲਾ ਸਿੰਘ ਬਰਾੜ ਨੂੰ 8677 ਵੋਟ ਮਿਲੇ ਅਤੇ ਸੰਯੁਕਤ ਅਕਾਲੀ ਦਲ ਦੇ ਜਗਤਾਰ ਸਿੰਘ ਰਾਜੇਆਣਾ ਨੂੰ 3263 ਵੋਟ ਮਿਲੇ। ਜੇਤੂ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਗਿਣਤੀ ਕੇਂਦਰ ਵਿੱਚੋਂ ਆਪ ਦੀ ਟੀਮ ਢੋਲ-ਢਮੱਕੇ ਨਾਲ ਉਨ੍ਹਾਂ ਦੇ ਪਿੰਡ ਸੁਖਾਨੰਦ ਤਕ ਲੈ ਕੇ ਗਈ। ਇਸ ਸਫ਼ਰ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਥਾਂ- ਥਾਂ ਸਵਾਗਤ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਭਨਾਂ ਨਾਲ ਕੀਤੇ ਵਾਅਦਿਆਂ ਉਪਰ ਇੰਨ-ਬਿੰਨ ਖਰਾ ਉਤਰਨਗੇ।