ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 9 ਨਵੰਬਰ
ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਪਿੰਡ ਸਿਰੀਏਵਾਲਾ ਦੇ ਖੇਤਾਂ ਦੇ ਦੌਰਾ ਕਰਕੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ’ਚ ਲੱਗੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਬਠਿੰਡਾ ਦੇ ਅਗਾਂਹਵਧੂ ਸੋਚ ਤੇ ਵਾਤਾਵਰਨ ਪ੍ਰੇਮੀ ਕਿਸਾਨਾਂ ਦੇ ਸਹਿਯੋਗ ਸਦਕਾ ਐਤਕੀਂ ਪਰਾਲੀ ਸਾੜਨ ਦੀ ਘਟਨਾਵਾਂ ’ਚ 75 ਫੀਸਦੀ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਧੁਨਿਕ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ 2 ਸਾਲਾਂ ’ਚ ਬਠਿੰਡਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਗਾਉਣ ਵਾਲਾ ਕੋਈ ਵੀ ਕੇਸ ਸਾਹਮਣੇ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਬਿਜਾਈ ਆਧੁਨਿਕ ਮਸ਼ੀਨਰੀ ਹੈਪੀ ਸੀਡਰ ਨਾਲ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਦੇ ਲਈ ਆਧੁਨਿਕ ਮਸ਼ੀਨਰੀ ’ਤੇ ਵਿਸ਼ੇਸ਼ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਜੇ ਕੋਈ ਕਿਸਾਨ ਅਜਿਹਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਸਿਰੀਏਵਾਲਾ ਦੀ ਅਨਾਜ ਮੰਡੀ ਦਾ ਦੌਰਾ ਕਰ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਤੇ ਹੋਰ ਅਧਿਕਾਰੀ ਹਾਜ਼ਰ ਸਨ।