ਪੱਤਰ ਪ੍ਰੇਰਕ
ਮਾਨਸਾ, 11 ਅਗਸਤ
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਰਾਏਪੁਰ ਅਤੇ ਖਿਆਲੀ ਚਹਿਲਾਂਵਾਲੀ ਵਿੱਚ ਬਣੀਆਂ ਆਧੁਨਿਕ ਲਾਇਬਰੇਰੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਤਾਬਾਂ ਦਾ ਮਨੁੱਖ ਦੀ ਜ਼ਿੰਦਗੀ ਵਿਚ ਅਹਿਮ ਮਹੱਤਵ ਹੈ। ਉਨ੍ਹਾਂ ਕਿਹਾ ਕਿ ਕਿਤਾਬਾਂ ਤੋਂ ਜਿੱਥੇ ਗਿਆਨ ਅਤੇ ਜੀਵਨ ਜਾਂਚ ਮਿਲਦੀ ਹੈ,ਉੱਥੇ ਹੀ ਕਿਤਾਬਾਂ ਸਾਨੂੰ ਸਾਡੇ ਇਤਿਹਾਸ ਅਤੇ ਵਿਰਾਸਤ ਨਾਲ ਵੀ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਜਿੱਥੇ ਸਾਹਿਤ ਤੋਂ ਇਲਾਵਾ ਵੱਖ-ਵੱਖ ਨੌਕਰੀਆਂ ਦੀ ਪ੍ਰੀਖਿਆ ਲਈ ਤਿਆਰੀ ਕਰਨ ਲਈ ਪੜ੍ਹਨਯੋਗ ਕਿਤਾਬਾਂ ਰੱਖੀਆਂ ਗਈਆਂ ਹਨ ਉੱਥੇ ਹੀ ਕੰਪਿਊਟਰ ਅਤੇ ਇੰਟਰਨੈਟ ਦੀ ਸੁਵਿਧਾ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਅੰਦਰ ਚੈੱਸ ਬੋਰਡ ਵੀ ਮੁਹੱਈਆ ਕਰਵਾਏ ਗਏ ਹਨ।
ਵਿਧਾਇਕ ਨੇ ਕਿਹਾ ਕਿ ਵਿਦਿਆਰਥੀਆਂ ਦੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਅੰਦਰ ਅਖ਼ਬਾਰਾਂ ਦੀ ਸੁਵਿਧਾ ਵੀ ਦਿੱਤੀ ਗਈ ਹੈ। ਇਸ ਮੌਕ ਡੀਸੀ ਪਰਮਵੀਰ ਸਿੰਘ ਨੇ ਕਿਹਾ ਕਿ ਪਿੰਡਾਂ ਵਿਚ ਇਸ ਤਰ੍ਹਾਂ ਦੀਆਂ ਨਿਵੇਕਲੀਆਂ ਪਹਿਲਕਦਮੀਆਂ ਕਰਨੀਆਂ ਲਾਜ਼ਮੀ ਹਨ।
ਬੀਰੂਵਾਲਾ ਗੁੜ੍ਹਾ ਅਤੇ ਰੋੜੀ ਵਿੱਚ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ
ਕਾਲਾਂਵਾਲੀ (ਪੱਤਰ ਪ੍ਰੇਰਕ): ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਪੇਂਡੂ ਖੇਤਰ ਦਾ ਸ਼ਹਿਰਾਂ ਵਾਂਗ ਵਿਕਾਸ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਇਹੀ ਕਾਰਨ ਹੈ ਕਿ ਉਹ ਆਪਣੇ ਹਲਕੇ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਹਰ ਪਲ ਤਿਆਰ ਹਨ। ਉਹ ਅੱਜ ਪਿੰਡ ਰੋੜੀ ਅਤੇ ਬੀਰੂਵਾਲਾ ਗੁੜ੍ਹਾ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ ਦੇ ਉਦਘਾਟਨ ਮੌਕੇ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕੋ ਇੱਕ ਸਿਆਸੀ ਪਾਰਟੀ ਹੈ ਜਿਸ ਵਿੱਚ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੇ ਰਾਜ ਵਿੱਚ ਹਰ ਵਿਅਕਤੀ ਮਹਿੰਗਾਈ, ਭ੍ਰਿਸ਼ਟਾਚਾਰ ਤੋਂ ਪ੍ਰੇਸ਼ਾਨ ਹੈ। ਇਸ ਮੌਕੇ ਅਵਤਾਰ ਸਿੰਘ ਸੂਰਤੀਆ, ਸੋਹਨ ਸਿੰਘ ਥਿਰਾਜ, ਪਿੰਡ ਰੋੜੀ ਦੇ ਸਰਪੰਚ ਦਰਸ਼ਨ ਮੁਨਸ਼ੀ ਹਾਜ਼ਰ ਸਨ।