ਜੋਗਿੰਦਰ ਸਿੰਘ ਮਾਨ
ਮਾਨਸਾ, 23 ਅਪਰੈਲ
ਜੁਗਾੜੂ ਰੇਹੜੀਆਂ ਖ਼ਿਲਾਫ਼ ਜਾਰੀ ਹੁਕਮਾਂ ਦਾ ਏਡੀਜੀਪੀ (ਟਰੈਫਿਕ) ਵੱਲੋਂ ਤਿੱਖਾ ਵਿਰੋਧ ਅਤੇ ਵੱਖ ਵੱਖ ਥਾਈਂ ਹੋਏ ਰੋਸ ਪ੍ਰਦਰਸ਼ਨਾਂ ਦੌਰਾਨ ਦੇਰ ਸ਼ਾਮ ਸਰਕਾਰ ਨੇ ਇਹ ਹੁਕਮ ਵਾਪਸ ਲੈ ਲਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਹੁਕਮ ਜਾਰੀ ਕਰਨ ’ਤੇ ਵਿਭਾਗ ਕੋਲ ਨਾਰਾਜ਼ਗੀ ਵੀ ਜ਼ਾਹਰ ਕੀਤੀ।
ਪੰਜਾਬ ਵਿੱਚ ਜਗਾੜੂ ਮੋਟਰਸਾਈਕਲ ਰੇਹੜੀ ’ਤੇ ਰੋਕ ਲਗਾਉਣ ਤੋਂ ਬਾਅਦ ਇਨ੍ਹਾਂ ਸਹਾਰੇ ਪਰਿਵਾਰ ਪਾਲਣ ਵਾਲੇ ਲੋਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਸੀ। ਇਨ੍ਹਾਂ ਆਦੇਸ਼ਾਂ ਤੋਂ ਬਾਅਦ ਡਾ. ਭੀਮ ਰਾਓ ਅੰਬੇਡਕਰ ਮੋਟਰਸਾਈਕਲ ਰੇਹੜੀ ਯੂਨੀਅਨ ਮਾਨਸਾ ਵੱਲੋਂ ਇਥੇ ਬਾਬਾ ਬੂਝਾ ਸਿੰਘ ਭਵਨ ਵਿੱਚ ਮੀਟਿੰਗ ਕੀਤੀ ਗਈ ਜਿਸ ਦੌਰਾਨ ਮੋਟਰਸਾਈਕਲ ਰੇਹੜੀਆਂ ਨੂੰ ਬੰਦ ਕਰਨ ਦੇ ਐਲਾਨ ਦਾ ਵਿਰੋਧ ਕੀਤਾ ਗਿਆ।
ਇਸ ਤੋਂ ਪਹਿਲਾਂ ਬਾਬਾ ਬੂਝਾ ਸਿੰਘ ਭਵਨ ਤੋਂ ਲੈਕੇ ਸੇਵਾ ਸਿੰਘ ਠੀਕਰੀਵਾਲਾ ਚੌਕ ਤੱਕ ਰੋਸ ਮਾਰਚ ਕੀਤਾ ਗਿਆ ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਦੀ ਮਾਨ ਸਰਕਾਰ ਵੀ ਮੋਦੀ ਸਰਕਾਰ ਵਾਂਗ ਪੰਜਾਬ ਵਿੱਚ ਮਜ਼ਦੂਰ ਮਾਰੂ ਨੀਤੀਆਂ ਬਣਾਉਣ ਦੇ ਰਾਹ ਚੱਲ ਪਈ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਆਗੂ ਰੁਜ਼ਗਾਰ ਦਾ ਮੁੱਦਾ ਬਣਾਕੇ ਪਿਛਲੀ ਕਾਂਗਰਸ ਸਰਕਾਰ ਨੂੰ ਘੇਰਦੇ ਰਹੇ ਹਨ ਅਤੇ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ। ਇਸ ਦੇ ਉਲਟ ਮੋਟਰਸਾਈਕਲ ਰੇਹੜੀਆਂ ਰਾਹੀਂ ਘਰ ਚਲਾ ਰਹੇ ਮਜ਼ਦੂਰਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਮਜ਼ਦੂਰ ਵਿਰੋਧੀ ਨੀਤੀਆਂ ਦਾ ਪਹਿਲਾ ਸੰਕੇਤ ਹੈ। ਇਸ ਸਮੇਂ ਮੇਲਾ ਸਿੰਘ, ਕਾਲੂ ਮਾਨਸਾ, ਬਹਾਦਰ ਸਿੰਘ ਖਿਆਲਾ, ਫੱਗਣ ਸਿੰਘ, ਸੁਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਭੁੱਚੋ ਮੰਡੀ (ਪਵਨ ਗੋਇਲ): ਮੋਟਰਸਾਈਕਲ ਰੇਹੜੀਆਂ ਨੂੰ ਬੰਦ ਕਰਨ ਦੇ ਹੁਕਮਾਂ ਕਾਰਨ ਰੋਹ ਵਿੱਚ ਆਏ ਹਲਕੇ ਦੇ ਮੋਟਰਸਾਈਕਲ ਰੇਹੜੀ ਚਾਲਕਾਂ ਨੇ ਅੱਜ ਭੁੱਚੋ ਕੈਂਚੀਆਂ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਸੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ। ਇਸ ਤੋਂ ਬਾਅਦ ਉਹ ਇਕੱਠੇ ਹੋ ਕੇ ਰੇਹੜੀਆਂ ਸਣੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਉਸ ਦੇ ਘਰ ਅੱਗੇ ਪਹੁੰਚੇ। ਵਿਧਾਇਕ ਨੇ ਰੇਹੜੀ ਚਾਲਕਾਂ ਦੀ ਫਰਿਆਦ ਸੁਣੀ ਅਤੇ ਉਨ੍ਹਾਂ ਦੇ ਦਰਦ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਸੀ। ਸਰਕਾਰ ਨੇ ਹੁਣ ਇਹ ਫੈਸਲਾ ਵਾਪਸ ਲੈ ਲਿਆ ਹੈ।