ਪੱਤਰ ਪ੍ਰੇਰਕ
ਭਗਤਾ ਭਾਈ, 25 ਸਤੰਬਰ
ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਆਪਣੇ ਸਿਆਸੀ ਵਿਰੋਧੀ ਗੁਰਪ੍ਰੀਤ ਸਿੰਘ ਕਾਂਗੜ ਦੀ ਮਾਲ ਮੰਤਰੀ ਦੇ ਅਹੁਦੇ ਤੋਂ ਹੋਈ ਛੁੱਟੀ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਬਹੁਤ ਦੇਰੀ ਨਾਲ ਹੋਇਆ ਇਨਸਾਫ਼ ਇਨਸਾਫ਼ ਨਹੀਂ ਰਹਿੰਦਾ। ਉਨ੍ਹਾਂ ਕਿਹਾ ਕਿ ਮਾਲ ਮੰਤਰੀ ਦੀ ਇਹ ਛਾਂਟੀ ਤਾਂ ਉਸੇ ਦਿਨ ਹੋ ਜਾਣੀ ਚਾਹੀਦੀ ਸੀ ਜਿਸ ਦਿਨ ਕਾਂਗਰਸ ਸਰਕਾਰ ਦੇ ਹੀ ਇਕ ਵਿਧਾਇਕ ਤੋਂ ਤਹਿਸੀਲਦਾਰ ਵੱਲੋਂ ਰਜਿਸਟਰੀ ਕਰਵਾਉਣ ਬਦਲੇ ਮੋਟੀ ਰਕਮ ਦੀ ਮੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਵਿਧਾਇਕ ਵੱਲੋਂ ਉਸ ਵੇਲੇ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਇਸ ਸਬੰਧੀ ਜਾਂਚ ਦੀ ਮੰਗ ਕੀਤੀ ਗਈ ਸੀ ਪਰ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ’ਚ ਹੋਏ ਕਥਿਤ ਘਪਲਿਆਂ ਦੀ ਤਰੁੰਤ ਜਾਂਚ ਕਰਵਾਈ ਜਾਵੇ।