ਲਖਵਿੰਦਰ ਸਿੰਘ
ਮਲੋਟ, 5 ਅਗਸਤ
ਇੱਥੇ ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਮਲੋਟ ਅਤੇ ਲੰਬੀ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਧਾਨ ਜਰਨੈਲ ਸਿੰਘ ਸੰਧੂ ਦੀ ਅਗਵਾਈ ਹੇਠ ਕੱਢਿਆ ਮੋਟਰਸਾਈਕਲ ਮਾਰਚ, ਸ੍ਰੀ ਗੁਰੂ ਨਾਨਕ ਦੇਵ ਚੌਕ ਤੋਂ ਲੈ ਕੇ ਦਾਣਾ ਮੰਡੀ ਅਤੇ ਦਾਨੇਵਾਲਾ ਚੌਕ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਗੁਰੂ ਨਾਨਕ ਦੇਵ ਚੌਕ ਵਿਖੇ ਸਮਾਪਤ ਹੋਇਆ। ਇਸ ਮੌਕੇ ਸੰਬੋਧਨ ਕਰਦਿਆਂ ਗੁਰਚਰਨ ਸਿੰਘ ਢਿੱਲੋਂ ਪ੍ਰੈੱਸ ਸਕੱਤਰ ਨੇ ਕਿਹਾ ਕਿ ਕਿਸਾਨੀ ਮੰਗਾਂ, ਜਿਵੇਂ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ, ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕੀਤਾ ਜਾਵੇ। ਭਾਰਤ -ਪਾਕਿਸਤਾਨ ਵਪਾਰ ਲਈ ਵਾਹਗਾ ਤੇ ਹੁਸੈਨੀਵਾਲਾ ਬਾਰਡਰ ਖੋਲ੍ਹਿਆ ਜਾਵੇ। ਕੁਦਰਤੀ ਖੇਤੀ ਤੇ ਹੰਢਣਸਾਰ ਖੇਤੀ ਮਾਡਲ ਲਾਗੂ ਕੀਤਾ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਮਾਰੀ ਜਾਵੇ। ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਤੱਕ ਪੀਣਯੋਗ ਪਾਣੀ ਪਹੁੰਚਦਾ ਕੀਤਾ ਜਾਵੇ। ਮੋਟਰਸਾਈਕਲ ਮਾਰਚ ਦੇ ਰਾਹ ਵਿੱਚ ਯੂਨੀਅਨ ਦੇ ਮੁੱਖ ਦਫਤਰ ਦੇ ਸਾਹਮਣੇ ਦਾਨੇਵਾਲਾ ਚੌਕ ਵਿੱਖੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਹਰਜਿੰਦਰ ਸਿੰਘ ਢਿੱਲੋਂ ਵਾਈਸ ਪ੍ਰਧਾਨ, ਗੁਰਚਰਨ ਸਿੰਘ ਬੁੱਟਰ, ਜਸਦੇਵ ਸਿੰਘ ਸੰਧੂ ,ਗੁਰਦਿਆਲ ਸਿੰਘ ਸੰਧੂ, ਮਾਸਟਰ ਟਹਿਲ ਸਿੰਘ ਸੰਧੂ, ਰੇਸ਼ਮ ਸਿੰਘ ਸਿੱਧੂ ਤੋਂ ਇਲਾਵਾ ਗੁਰਮੀਤ ਸਿੰਘ ਢਿੱਲੋਂ ਅਤੇ ਸੁਰਜੀਤ ਸਿੰਘ ਢਿਲੋਂ ਹਾਜ਼ਰ ਸਨ।
ਗੁਰਹਰਸਹਾਏ (ਅਸ਼ੋਕ ਸੀਕਰੀ): ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਪਿੰਡ ਚੱਕ ਸੈਦੋਕੇ ਦੇ ਬੱਸ ਅੱਡੇ ਤੋਂ ਮੋਟਰਸਾਈਕਲ ਮਾਰਚ ਸ਼ੁਰੂ ਕਰਕੇ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਕੱਢਿਆ ਗਿਆ। ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਆਗੂ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਨੇ ਦੱਸਿਆ ਕਿ 17 ਅਗਸਤ ਨੂੰ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਘਰਾਂ ਅੱਗੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਧਰਨੇ ਦਿੱਤੇ ਜਾਣਗੇ ਅਤੇ ਲੋਕ ਲਹਿਰ ਨੂੰ ਉਸਾਰਨ ਲਈ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਵੱਲੋਂ ਪ੍ਰਮੁੱਖ ਭੂਮਿਕਾ ਨਿਭਾਈ ਜਾਵੇਗੀ।
ਸ੍ਰੀ ਮੁਕਤਸਰ ਸਾਹਿਬ, (ਗੁਰਸੇਵਕ ਸਿੰਘ ਪ੍ਰੀਤ): ਕਿਰਤੀ ਕਿਸਾਨ ਯੂਨੀਅਨ ਵੱਲੋ ਮੁਕਤਸਰ ਆਪਣੀਆਂ ਮੰਗਾਂ ਦੇ ਹੱਕ ’ਚ ਮੁਕਤਸਰ ਅਤੇ ਮਲੋਟ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ ਹਰਪ੍ਰੀਤ ਸਿੰਘ ਝਬੇਲਵਾਲੀ, ਦਵਿੰਦਰ ਸਿੰਘ ਲਬਾਣਿਆਵਾਲੀ ਨੇ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਲੰਬੇ ਸਮੇਂ ਤੋਂ ਪੰਜਾਬ ਦੇ ਮਸਲਿਆਂ ਬਾਰੇ ਸੰਘਰਸ਼ ਕਰ ਰਹੀ ਹੈ। ਮੋਟਰਸਾਈਕਲ ਮਾਰਚ ਉਪਰੰਤ ਵਿਧਾਇਕ ਕਾਕਾ ਬਰਾੜ ਨੂੰ ਮੰਗ ਪੱਤਰ ਦਿੱਤਾ ਗਿਆ। ਵਿਧਾਇਕ ਨੇ ਭਰੋਸਾ ਦਿਵਾਇਆ ਕਿ ਇਹ ਮੰਗਾਂ ਜਾਇਜ਼ ਹਨ ਅਤੇ ਉਹ ਮੁੱਖ ਮੰਤਰੀ ਨੂੰ ਇਹ ਮੰਗ ਪੱਤਰ ਭੇਜ ਕੇ ਸਿਫਾਰਸ਼ ਕਰਨਗੇ ਕਿ ਮੰਗਾਂ ਮੰਨੀਆਂ ਜਾਣ। ਮਗਰੋਂ ਮਾਰਚ ਖਤਮ ਕੀਤਾ ਗਿਆ।