ਜੋਗਿੰਦਰ ਸਿੰਘ ਮਾਨ
ਮਾਨਸਾ, 10 ਸਤੰਬਰ
ਨੇੜਲੇ ਪਿੰਡ ਮਲਕਪੁਰ ਖਿਆਲਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਖਿਆਲਾਂ ਦੀ ਪ੍ਰਧਾਨਗੀ ਹੇਠ 14 ਸਤੰਬਰ ਨੂੰ ਹੋਣ ਵਾਲੀ ਬਰਨਾਲਾ ਦੀ ‘ਵੰਗਾਰ ਰੈਲੀ’ ਦੀ ਤਿਆਰੀ ਨੂੰ ਸਬੰਧੀ ਲਾਮਬੰਦੀ ਰੈਲੀ ਕੀਤੀ ਗਈ।
ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਮੱਖਣ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਖੇਤੀ ਵਿਰੋਧੀ ਤਿੰਨੋਂ ਆਰਡੀਨੈਂਸ ਅਤੇ ਬਿਜਲੀ ਬਿੱਲ 2020 ਨੂੰ ਰੱਦ ਕਰਾਉਣ ਲਈ ਪੰਜਾਬ ਦੀਆਂ ਦਸ ਕਿਸਾਨ ਜਥੇਬੰਦੀਆਂ ਪੰਜਾਬ ’ਚ ਪੰਜ ਜਗ੍ਹਾ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਰਨਾਲਾ ਦੀ ਦਾਣਾ ਮੰਡੀ ਵਿੱਚ ਵੀ 14 ਸਤੰਬਰ ਨੂੰ ‘ਵੰਗਾਰ ਰੈਲੀ’ ਕੀਤੀ ਜਾਵੇਗੀ।
ਉਨ੍ਹਾਂ ਇਸ ਰੈਲੀ ’ਚ ਵਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਤੀਕੇ ਨੇ ਦੱਸਿਆ ਕਿ ਖੇਤੀ ਸੋਧ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ-2020 ਰੱਦ ਕਰਵਾਉਣ ਲਈ 15 ਸਤੰਬਰ ਨੂੰ ਜ਼ਿਲ੍ਹਾ ਮਾਨਸਾ ਦੀਆਂ ਤਿੰਨ ਜਥੇਬੰਦੀਆਂ ਕਾਦੀਆਂ, ਸਿੱਧੂਪੁਰ ਤੇ ਰਾਜੇਵਾਲ ਵੱਲੋਂ ਬਠਿੰਡਾ-ਪਟਿਆਲਾ ਰਾਜ ਮਾਰਗ ’ਤੇ ਪਿੰਡ ਮਲਕਪੁਰ ਖਿਆਲਾ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸੜਕ ਜਾਮ ਕੀਤੀ ਜਾਵੇਗੀ। ਇਸ ਮੌਕੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਚੱਕ ਭਾਈਕੇ ਨੇ ਵੀ ਸੰਬੋਧਨ ਕੀਤਾ।
ਝੁਨੀਰ (ਸੁਰਜੀਤ ਵਸ਼ਿਸ਼ਟ): ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ 14 ਸਤੰਬਰ ਦੀ ਬਰਨਾਲਾ ਵੰਗਾਰ ਰੈਲੀ ਦੀ ਤਿਆਰੀ ਵਜੋਂ ਝੁਨੀਰ ਬਲਾਕ ਦੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਮਨਜੀਤ ਸਿੰਘ ਨੇ ਕੀਤੀ।
ਮੀਟਿੰਗ ’ਚ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਪਾਸੇ ਕੀਤੇ ਗਏ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ 14 ਸਤੰਬਰ ਨੂੰ ਬਰਨਾਲਾ ਵਿੱਚ ਵੰਗਾਰ ਰੈਲੀ ਕੀਤੀ ਜਾਵੇਗੀ। ਇਸ ਸਬੰਧੀ ਝੁਨੀਰ ਬਲਾਕ ਅਤੇ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਵਿੱਚ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਵੰਗਾਰ ਰੈਲੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਜਾਵੇਗਾ।
ਇਸੇ ਦੌਰਾਨ ਖੇਤਰ ਦੇ ਪਿੰਡ ਕੋਟਧਰਮੂ ਵਿੱਚ 11 ਕਿਸਾਨ ਜਥੇਬੰਦੀਆਂ ਵੱਲੋਂ 15 ਸਤੰਬਰ ਨੂੰ ਖਿਆਲਾ ਕਲਾਂ ਦੇ ਬੱਸ ਸਟੈਂਡ ਕੋਲ ਮਾਨਸਾ-ਚੰਡੀਗੜ੍ਹ ਦੀ ਮੁੱਖ ਸੜਕ ’ਤੇ ਦੁਪਹਿਰ 12 ਤੋਂ 2 ਵਜੇ ਤੱਕ ਕੀਤੇ ਜਾਣ ਵਾਲੇ ਚੱਕਾ ਜਾਮ ਦੇ ਸਬੰਧ ਵਿੱਚ ਇੱਕ ਮੀਟਿੰਗ ਮਹਾਰਾਜ ਜੰਗ ਸਿੰਘ ਡੇਰਾ ਕੋਟਧਰਮੂ ਵਿੱਚ ਹੋਈ।
ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਉਪਰੋਕਤ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੂੰ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਪਲੀ ਰੈਲੀ ’ਚ ਸ਼ਾਮਲ ਹੋਣ ਜਾ ਰਹੇ ਕਿਸਾਨ ਥਾਣੇ ਡੱਕੇ
ਸਿਰਸਾ (ਪ੍ਰਭੂ ਦਿਆਲ): ਖੇਤੀ ਸਬੰਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਰੋਹ ਭਰੇ ਪ੍ਰਦਰਸ਼ਨ ਕੀਤੇ ਗਏ। ਵੱਡੀ ਗਿਣਤੀਕਿਸਾਨ ਤੇ ਆੜ੍ਹਤੀ ਕੁਰੂਕਸ਼ੇਤਰ ਦੇ ਪਿਪਲੀ ’ਚ ਹੋਣ ਵਾਲੀ ਰੈਲੀ ਵਿੱਚ ਸ਼ਿਰਕਤ ਕਰਨ ਲਈ ਸਿਰਸਾ ਤੋਂ ਰਵਾਨਾ ਹੋਏ ਤੇ ਕਈਆਂ ਨੂੰ ਪੁਲੀਸ ਨੇ ਰੋਕ ਲਿਆ। ਰੋਕੇ ਗਏ ਆੜ੍ਹਤੀਆਂ ਤੇ ਕਿਸਾਨਾਂ ਨੇ ਥਾਣੇ ’ਚ ਹੀ ਧਰਨਾ ਲਗਾ ਦਿੱਤਾ। ਖੇਤੀ ਸਬੰਧੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਰੋਹ ਭਰੇ ਪ੍ਰਦਰਸ਼ਨ ਕੀਤੇ ਗਏ ਉੱਥੇ ਹੀ ਆੜ੍ਹਤੀ ਐਸੋਸੀਏਸ਼ਨ ਨੇ ਅਨਾਜ ਮੰਡੀਆਂ ਬੰਦ ਕਰਕੇ ਆਰਡੀਨੈਂਸਾਂ ਦਾ ਵਿਰੋਧ ਕੀਤਾ। ਰੈਲੀ ’ਚ ਜਾਣ ਤੋਂ ਰਹਿ ਗਏ ਹੋਰ ਲੋਕਾਂ ਨੇ ਮਿੰਨੀ ਸਕੱਤਰੇਤ ’ਚ ਧਰਨਾ ਲਾਇਆ ਤੇ ਨਾਅਰੇਬਾਜੀ ਕੀਤੀ।
ਏਲਨਾਬਾਦ (ਜਗਤਾਰ ਸਮਾਲਸਰ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਰੋਸ ਪ੍ਰਗਟ ਕਰਨ ਲਈ ਕੁਰੂਕਸ਼ੇਤਰ ਦੇ ਪਿੱਪਲੀ ਵਿੱਚ ‘ਮੰਡੀ ਬਚਾਓ, ਕਿਸਾਨ ਬਚਾਓ’ ਰੈਲੀ ਵਿੱਚ ਜਾਣ ਵਾਲੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਪੁਲੀਸ ਨੇ ਏਲਨਾਬਾਦ ਵਿੱਚ ਹੀ ਰੋਕ ਲਿਆ ਅਤੇ ਥਾਣਾ ਵਿੱਚ ਲਿਜਾਂਦਾ ਗਿਆ। ਉਪਰੰਤ ਆੜ੍ਹਤੀਆਂ, ਮਜ਼ਦੂਰਾਂ ਅਤੇ ਕਿਸਾਨਾਂ ਨੇ ਅਨਾਜ ਮੰਡੀ ਵਿੱਚ ਧਰਨਾ ਦੇ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਪੁਤਲਾ ਫੂਕ ਕੇ ਆਪਣਾ ਰੋਸ਼ ਜ਼ਾਹਰ ਕੀਤਾ।