ਸ਼ਗਨ ਕਟਾਰੀਆ
ਜੈਤੋ, 17 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਪਿੰਡ ਰੋਮਾਣਾ ਅਲਬੇਲ ਸਿੰਘ ਦੇ ਰੇਲਵੇ ਸਟੇਸ਼ਨ ’ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਚੱਲ ਰਿਹਾ ਮੋਰਚਾ 440 ਦਿਨਾਂ ਬਾਅਦ ਸਮਾਪਤ ਕੀਤਾ ਗਿਆ। ਇਸ ਮੌਕੇ ਸਨਮਾਨ ਸਮਾਗਮ ਵਿੱਚ ਕਿਸਾਨ ਸੰਘਰਸ਼ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਧਰਮਪਾਲ ਸਿੰਘ ਰੋੜੀ ਕਪੂਰਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਉਨ੍ਹਾਂ ਦੀ ਪਤਨੀ ਬਲਜੀਤ ਕੌਰ ਨੂੰ ਸਾਢੇ ਪੰਜ ਫੁੱਟੇ ਕੱਪ ਨਾਲ ਸਨਮਾਨਿਤ ਕੀਤਾ ਗਿਆ ਅਤੇ ਗੁਰਦੀਪ ਸਿੰਘ ਰਾਮਪੁਰਾ ਨੂੰ ਸਿੱਕਿਆਂ ਨਾਲ ਤੋਲਿਆ ਗਿਆ।
ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਰੋੜੀਕਪੂਰਾ ਅਤੇ ਜ਼ਿਲ੍ਹਾ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਢੈਪਈ ਨੇ ਕਿਸਾਨ ਅੰਦੋਲਨ ’ਚ ਯੋਗਦਾਨ ਪਾਉਣ ਵਾਲਿਆਂ ਧੰਨਵਾਦ ਕਰਦਿਆਂ ਪਿੰਡ ਰੋਮਾਣਾ ਅਲਬੇਲ ਸਿੰਘ ਵਾਲੇ ਦੀਆਂ ਦੋਵੇ ਨਗਰ ਪੰਚਾਇਤਾਂ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ਼ਹੀਦ ਪੂਰਨ ਸਿੰਘ ਕਲੱਬ ਦਾ ਸਨਮਾਨ ਕੀਤਾ। ਇਸ ਮੌਕੇ ਐਡਵੋਕੇਟ ਬਲਵੀਰ ਕੌਰ ਮਾਨਸਾ, ਬਲਾਕ ਜੈਤੋ ਦੇ ਪ੍ਰਧਾਨ ਬਲਵਿੰਦਰ ਸਿੰਘ ਰੋੜੀਕਪੂਰਾ, ਬਲਾਕ ਫ਼ਰੀਦਕੋਟ ਦੇ ਪ੍ਰਧਾਨ ਭੁਪਿੰਦਰ ਸਿੰਘ ਔਲਖ, ਬਲਾਕ ਕੋਟਕਪੂਰਾ ਦੇ ਆਗੂ ਜਸਪ੍ਰੀਤ ਸਿੰਘ ਜੱਸਾ ਕਵਾਰ ਆਲੀ, ਇਸਤਰੀ ਵਿੰਗ ਦੀ ਆਗੂ ਅੰਮ੍ਰਿਤਪਾਲ ਕੌਰ ਹਰੀ ਨੌਂ, ਅਮਰਜੀਤ ਕੌਰ ਚੰਦਭਾਨ, ਮਲਕੀਤ ਕੌਰ ਰੋੜੀਕਪੂਰਾ ਤੇ ਇਲਾਕਾ ਵਾਸੀ ਮੌਜੂਦ ਸਨ।
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ 443 ਦਿਨਾਂ ਤੋਂ ਚੱਲ ਰਿਹਾ ਪੱਕਾ ਮੋਰਚਾ ਸਮਾਪਤ ਕਰ ਦਿੱਤਾ ਗਿਆ। ਕਿਸਾਨਾਂ ਨੇ ਲੰਗਰ ਲਈ ਲਾਇਆ ਟੈਂਟ ਅਤੇ ਧਰਨੇ ਵਾਲਾ ਪੱਕਾ ਸ਼ੈੱਡ ਅੱਜ ਉਤਾਰ ਦਿੱਤਾ।
ਮਹਿਲ ਕਲਾਂ ਤੇ ਲਹਿਰਾ ਟੌਲ ਪਲਾਜ਼ਿਆਂ ਅੱਗੇ ਧਰਨੇ ਜਾਰੀ
ਮਹਿਲ ਕਲਾਂ (ਨਵਕਿਰਨ ਸਿੰਘ): ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਕਿਸਾਨਾਂ ਦਾ ਪੱਕਾ ਧਰਨਾ ਜਾਰੀ ਰਿਹਾ। ਕਿਸਾਨ ਆਗੂਆਂ ਮਲਕੀਤ ਮਹਿਲ ਕਲਾਂ, ਗੁਰਮੇਲ ਠੁੱਲੀਵਾਲ, ਅਮਰਜੀਤ ਸਿੰਘ, ਸੋਹਣ ਸਿੰਘ, ਸੁਖਦੇਵ ਸਿੰਘ ਕੁਰੜ ਤੇ ਜੱਗਾ ਸਿੰਘ ਛਾਪਾ ਨੇ ਕਿਹਾ ਕਿ ਜਦ ਤੱਕ ਟੌਲ ਪਲਾਜ਼ਾ ਚਲਾ ਰਹੀਆਂ ਕੰਪਨੀਆਂ ਪਹਿਲਾਂ ਵਾਲੇ ਰੇਟ ਬਹਾਲ ਨਹੀਂ ਕਰਦੀਆਂ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਜਗਦੇਵ ਭੁਪਾਲ, ਗਗਨ ਹਠੂਰ ਤੇ ਕਰਨੈਲ ਸਿੰਘ ਛਾਪਾ ਨੇ ਕਵਿਤਾਵਾਂ ਅਤੇ ਕਵੀਸ਼ਰੀ ਪੇਸ਼ ਕੀਤੀ। ਇਸ ਮੌਕੇ ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਚੱਲ ਰਹੇ ਧਰਨੇ ਵਿੱਚ ਲਗਾਤਾਰ ਸ਼ਮੂਲੀਅਤ ਕਰਦੀਆਂ ਰਹੀਆ ਔਰਤਾਂ ਦਾ ਸਨਮਾਨ ਕੀਤਾ ਗਿਆ।
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਟੌਲ ਰੇਟ ਵਧਾਏ ਜਾਣ ਦੇ ਵਿਰੋਧ ਵਿੱਚ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜਾਰੀ ਰੱਖਿਆ ਗਿਆ ਹੈ। ਇਸ ਮੌਕੇ ਬਲਾਕ ਰਾਮਪੁਰਾ ਦੇ ਪ੍ਰਧਾਨ ਸੁਖਦੇਵ ਸਿੰਘ, ਬੂਟਾ ਸਿੰਘ ਬੱਲ੍ਹੋ, ਗੁਰਿੰਦਰ ਸਿੰਘ ਅਤੇ ਗੁਰਮੇਲ ਸਿੰਘ ਚਾਉਕੇ ਨੇ ਕਿਹਾ ਕਿ ਟੌਲ ਰੇਟਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਤੱਕ ਮੋਰਚਾ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਟੌਲ ਪਲਾਜ਼ਾ ਦੇ ਮੁਲਾਜ਼ਮਾਂ ਦੀ ਤਨਖ਼ਾਹਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਨੌਕਰੀ ਬਹਾਲ ਕੀਤੀ ਜਾਵੇ।