ਭਾਰਤ ਭੂਸ਼ਨ ਸ਼ਰਮਾ
ਕੋਟਕਪੂਰਾ, 25 ਅਪਰੈਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੋਂ ਦੇ ਦੇਵੀਵਾਲਾ ਰੋਡ ’ਤੇ 9 ਕਰੋੜ 50 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਲਦੀ ਹੀ ਕੋਟਕਪੂਰਾ ਸ਼ਹਿਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸੀਵਰੇਜ ਟਰੀਟਮੈਂਟ ਪਲਾਂਟ ਨਾਲ ਸ਼ਹਿਰ ਦੇ ਵੱਡੀ ਆਬਾਦੀ ਦੀ ਸੀਵਰੇਜ ਸਮੱਸਿਆ ਹੱਲ ਹੋਵੇਗੀ ਅਤੇ ਸਾਫ ਹੋਏ ਸੀਵਰੇਜ ਦੇ ਪਾਣੀ ਨੂੰ ਖੇਤੀ ਵਾਸਤੇ ਸਿੰਜਾਈ ਲਈ ਵਰਤਿਆ ਜਾਵੇਗਾ।
ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੀਵਰੇਜ ਬੋਰਡ ਵੱਲੋਂ ਬਣਾਏ ਜਾ ਰਹੇ 8 ਐੱਮਐੱਲਡੀ ਸਮਰੱਥਾ ਵਾਲੇ ਸੀਵਰੇਜ ਪ੍ਰਾਜੈਕਟ ਦਾ ਕੰਮ ਲਗਭਗ 85 ਫ਼ੀਸਦੀ ਮੁਕੰਮਲ ਹੋ ਚੁੱਕਿਆ ਹੈ, ਜਿਸ ਅਧੀਨ ਕੋਟਕਪੂਰਾ ਸ਼ਹਿਰ ਵਿੱਚ 91.54 ਕਿਲੋਮੀਟਰ ਸੀਵਰੇਜ ਦੀਆਂ ਪਾਈਪਾਂ ਪਾਈਆਂ ਜਾਣਗੀਆਂ ਅਤੇ 2 ਨੰਬਰ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਦੂਸਰਾ 6 ਐੱਮਐੱਲਡੀ ਸਮਰੱਥਾ ਦਾ ਸੀਵਰੇਜ ਟਰੀਟਮੈਂਟ ਪਲਾਂਟ ਮੁਕਤਸਰ ਰੋਡ ’ਤੇ ਬਣਾਇਆ ਜਾ ਰਿਹਾ ਹੈ, ਜੋ ਕਿ ਅਗਲੇ ਇੱਕ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਪਲਾਂਟਾਂ ਤੋਂ ਪਾਣੀ ਸੋਧ ਕੇ ਖੇਤੀ ਲਈ ਵਰਤਿਆ ਜਾ ਸਕੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ਲਈ ਸਹਿਯੋਗ ਦੇਣ। ਇਸ ਮੌਕੇ ਸੰਜੇ ਪੋਪਲੀ ਸੀਈਓ ਸੀਵਰੇਜ ਬੋਰਡ, ਦਲਜੀਤ ਸਿੰਘ ਚੀਫ ਇੰਜੀਨੀਅਰ, ਪਾਰੁਲ ਗੋਇਲ ਐਕਸੀਅਨ ਸੀਵਰੇਜ ਬੋਰਡ, ਗੁਰਪਾਲ ਸਿੰਘ ਐੱਸਡੀਓ ਹਾਜ਼ਰ ਸਨ।