ਪੱਤਰ ਪ੍ਰੇਰਕ
ਸ਼ਹਿਣਾ, 18 ਅਕਤੂਬਰ
ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ (ਬੀਡੀਪੀਓ) ਵਿੱਚ ਚਾਰ ਪਿੰਡਾਂ ਬੱਲੋਕੇ, ਭਗਤਪੁਰਾ, ਸ਼ਹਿਣਾ ਤੇ ਢਿਲਵਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਬੀਡੀਪੀਓ ਜਗਤਾਰ ਸਿੰਘ ਅਤੇ ਥਾਣਾ ਸ਼ਹਿਣਾ ਦੇ ਐੱਸਐੱਚਓ ਜਗਦੇਵ ਸਿੰਘ ਵੀ ਹਾਜ਼ਰ ਸਨ। ਇਸ ਦੌਰਾਨ ਜ਼ਿਆਦਾਤਰ ਪਿੰਡਾਂ ’ਚੋਂ ਗੰਦੇ ਪਾਣੀ ਦੇ ਨਿਕਾਸ, ਗਲੀਆਂ-ਨਾਲੀਆਂ ਅਤੇ ਵਿਕਾਸ ਦੀਆਂ ਸਮੱਸਿਆਵਾਂ ਉੱਭਰ ਕੇ ਸਾਹਮਾਣੇ ਆਈਆਂ। ਹਲਕਾ ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਸਬੇ ਸ਼ਹਿਣਾ ਦੇ ਸਰਕਾਰੀ ਹਸਪਤਾਲ ’ਚ ਵੀ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕਮੀ ਛੇਤੀ ਪੂਰੀ ਕਰ ਦਿੱਤੀ ਜਾਵੇਗੀ।
ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਪੱਖੋ ਕੈਂਚੀਆਂ (ਪੱਤਰ ਪ੍ਰੇਰਕ): ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਅੱਜ ਆਪਣੇ ਪਿੰਡ ਉੱਗੋਕੇ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।