ਜੋਗਿੰਦਰ ਸਿੰਘ ਮਾਨ
ਮਾਨਸਾ, 26 ਅਗਸਤ
ਪਿੰਡ ਕੁਲਰੀਆਂ ਦੇ ਕਾਸ਼ਤਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਦਰਜ ਕੀਤੇ ਪਰਚੇ ਰੱਦ ਕਰਵਾਉਣ ਲਈ ਪਿੰਡ-ਪਿੰਡ ਰੈਲੀਆਂ ਜਾਰੀ ਹਨ। ਇਸੇ ਲੜੀ ਤਹਿਤ ਅੱਜ ਪਿੰਡ ਕਿਸ਼ਨਗੜ੍ਹ ਵਿੱਚ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਮੱਖਣ ਸਿੰਘ ਭੈਣੀਬਾਘਾ ਦੀ ਅਗਵਾਈ ਵਿੱਚ ਭਾਰੀ ਇਕੱਠ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਹ ਰੈਲੀ ਕਿਸਾਨ ਆਗੂ ਮਨਜੀਤ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਕੋਝੀਆਂ ਚਾਲਾਂ ਚੱਲਕੇ ਪਿਛਲੇ ਲੰਮੇ ਸਮੇਂ ਤੋਂ ਕਾਸ਼ਤ ਕਰਦੇ ਆ ਰਹੇ ਕਿਸਾਨਾਂ ਨੂੰ ਮਾਲਕੀ ਹੱਕ ਤੋਂ ਬੇਦਖ਼ਲੀ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਪੁਲੀਸ ਪ੍ਰਸ਼ਾਸਨ ਵੱਲੋਂ ਆਪਣੇ ਹੱਕਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਝੂਠੇ ਕੇਸ ਦਰਜ ਕਰਕੇ ਜਬਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਨੂੰ ਤਿੱਖਾ ਕਰਦਿਆਂ ਐੱਸਐੱਸਪੀ ਦਫ਼ਤਰ ਮਾਨਸਾ ਅੱਗ 28 ਅਗਸਤ ਨੂੰ ਸੂਬਾਈ ਧਰਨਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਪਿੰਡ ਰਾਮਪੁਰ ਮੰਡੇਰ, ਗੰਢੂ ਖੁਰਦ, ਗੰਢੂ ਕਲਾਂ, ਲੱਖੀਵਾਲ, ਤਾਲਵਾਲਾ, ਹਾਕਮ ਵਾਲਾ, ਉੱਡਤ ਸੈਦੇ ਵਾਲਾ, ਸਸਪਾਲੀ, ਝੱਲਬੂਟੀ, ਭਖੜਿਆਲ, ਚੱਕ ਅਲ਼ੀਸ਼ੇਰ, ਬੀਰੇਵਾਲਾ, ਮਘਾਣੀਆਂ ਅਤੇ ਰਿਉਂਦ ਖੁਰਦ ਵਿਖੇ ਲਾਮਬੰਦੀ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ ਸਮੇਤ ਸੱਤਪਾਲ ਸਿੰਘ ਵਰ੍ਹੇ, ਤਾਰਾ ਚੰਦ ਬਰੇਟਾ, ਤਰਨਜੀਤ ਸਿੰਘ ਮੰਦਰਾਂ, ਤੇਜ ਰਾਮ ਅਹਿਮਦਪੁਰ ਨੇ ਵੀ ਸੰਬੋਧਨ ਕੀਤਾ।