ਪੱਤਰ ਪ੍ਰੇਰਕ
ਮਾਨਸਾ, 23 ਮਈ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਕੀਤੇ ਲੌਕਡਾਊਨ ਤਹਿਤ ਬੰਦ ਹੋਏ ਰੁਜ਼ਗਾਰ ਦੇ ਸਾਧਨਾਂ ਕਰ ਕੇ ਗ਼ਰੀਬ ਪਰਿਵਾਰਾਂ ਦੇ ਚੁੱਲ੍ਹੇ ਠੰਢੇ ਹੋ ਚੁੱਕੇ ਹਨ, ਜਿਸ ਲਈ ਪੰਜਾਬ ਸਰਕਾਰ ਬੇਰੁਜ਼ਗਾਰ ਹੋਏ ਮਜ਼ਦੂਰ ਪਰਿਵਾਰਾਂ ਨੂੰ 15 ਹਜ਼ਾਰ ਪ੍ਰਤੀ ਮਹੀਨਾ ਭੱਤਾ ਦੇਵੇ ਅਤੇ ਹਰ ਬਿਮਾਰੀ ਦੇ ਇਲਾਜ ਲਈ ਦਵਾਈਆਂ ਦਾ ਪ੍ਰਬੰਧ ਕਰੇ। ਉਹ ਅੱਜ ਪਿੰਡ ਤਲਵੰਡੀ ਅਕਲੀਆ ਵਿਚ ਮਜ਼ਦੂਰ ਪਰਿਵਾਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕਾਮਰੇਡ ਸਮਾਓਂ ਨੇ ਕਿਹਾ ਕਿ ਸੱਤਾਧਾਰੀ ਹਾਕਮਾਂ ਅਤੇ ਅਫ਼ਸਰਸ਼ਾਹੀ ਨੂੰ ਜ਼ਮੀਨੀ ਹਕੀਕਤਾਂ ਦਾ ਕੋਈ ਗਿਆਨ ਨਹੀਂ ਹੈ, ਜਿਸ ਦੇ ਨਤੀਜੇ ਵਜੋਂ ਕਰੋੜਾਂ ਗ਼ਰੀਬ ਲੋਕ ਬਿਮਾਰੀ ਨਾਲ ਜੂਝ ਰਹੇ ਹਨ ਅਤੇ ਲੱਖਾਂ ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਕਮਾਂ ਦੇ ਬੇਤੁਕੇ ਫ਼ੈਸਲਿਆਂ ਕਾਰਨ ਬੇਰੁਜ਼ਗਾਰੀ ਦੀ ਭੱਠੀ ਵਿੱਚ ਪਿਸ ਰਹੇ ਗ਼ਰੀਬ ਪਰਿਵਾਰ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਰੋਨਾ ਲੌਕਡਾਊਨ ਕਾਰਨ ਬੇਰੁਜ਼ਗਾਰ ਹੋਏ ਬੇਜ਼ਮੀਨੇ ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਅਤੇ ਪ੍ਰਾਈਵੇਟ ਨੌਕਰੀ ਕਰਨ ਵਾਲੇ ਗ਼ਰੀਬ ਪਰਿਵਾਰਾਂ ਦੇ ਬਿਜਲੀ ਬਿਲ ਮੁਆਫ਼ ਕੀਤੇ ਜਾਣ ਅਤੇ ਪੰਜਾਬ ਅੰਦਰ ਸਬਜ਼ੀਆਂ ਫ਼ਲਾਂ ਦੇ ਭਾਅ ਅੱਧੇ ਕਰਵਾਏ ਜਾਣ। ਇਸ ਮੌਕੇ ਸੁਖਜੀਤ ਸਿੰਘ ਰਾਮਾਂਨੰਦੀ, ਸੋਨੀ ਸਿੰਘ ਅਕਲੀਆ ਤਲਵੰਡੀ, ਛੈਂਬਰ ਸਿੰਘ, ਰਾਜਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।