ਜੋਗਿੰਦਰ ਸਿੰਘ ਮਾਨ
ਮਾਨਸਾ, 15 ਜੁਲਾਈ
ਮਗਨਰੇਗਾ ਕਰਮਚਾਰੀ ਯੂਨੀਅਨ ਮਾਨਸਾ ਵੱਲੋਂ ਅੱਜ ਇਥੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦਾ ਕਹਿਣਾ ਹੈ ਕਿ ਉਹ ਪਿਛਲੇ 12 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਠੇਕਾ ਅਧਾਰਿਤ ਸੇਵਾ ਨਿਭਾ ਰਹੇ ਹਨ। ਯੂਨੀਅਨ ਨੇ ਭਲਕੇ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕਣ ਦਾ ਐਲਾਨ ਕੀਤਾ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਆਗੂ ਕਿਸ਼ੋਰ ਕੁਮਾਰ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ। ਪਿਛਲੀ ਸਰਕਾਰ ਨੇ ਠੇਕਾ ਮੁਲਾਜ਼ਮ ਵੈਲਫ਼ੇਅਰ ਐਕਟ-2016 ਪਾਸ ਕੀਤਾ ਸੀ। ਉਨ੍ਹਾਂ ਦੱਸਿਆ ਕਿ ਕਈ ਵਿਭਾਗਾਂ ਦੇ ਮੁਲਾਜ਼ਮ ਇਸ ਐਕਟ ਰਾਹੀਂ ਰੈਗੂਲਰ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਵੀ ਚੋਣਾਂ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਅੱਜ ਤੱਕ ਬੂਰ ਨਹੀਂ ਪਿਆ। ਉਨ੍ਹਾਂ ਮੰਗ ਕੀਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ।
ਆਂਗਨਵਾੜੀ ਵਰਕਰਾਂ ਵੱਲੋਂ ਵਿਧਾਇਕ ਦੇ ਘਰ ਅੱਗੇ ਭੁੱਖ ਹੜਤਾਲ: ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਮਾਨਸਾ ਵੱਲੋਂ ਕਾਂਗਰਸੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਦੇ ਘਰ ਅੱਗੇ ਆਪਣੀਆਂ ਹੱਕੀ ਮੰਗਾਂ ਤੇ ਮਸਲਿਆਂ ਨੂੰ ਲੈਕੇ ਭੁੱਖ ਹੜਤਾਲ ਕੀਤੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਵੱਲੋਂ ਦਾਅਵਾ ਕੀਤਾ ਗਿਆ ਕਿ ਖੂਨ ਨਾਲ ਲਿਖਿਆ ਮੰਗ ਪੱਤਰ ਵਿਧਾਇਕ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ। ਜਥੇਬੰਦੀ ਦੀ ਆਗੂ ਗੁਰਮੇਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ, ਜੋ ਸਰਕਾਰ ਨੇ 2017 ਵਿੱਚ ਖੋਹਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ, ਐਨ.ਜੀ.ਓ. ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ।
ਅਸਮਾਨੀ ਚੜ੍ਹੀ ਮਹਿੰਗਾਈ ਖ਼ਿਲਾਫ਼ ਧਰਨਾ
ਬਠਿੰਡਾ (ਪੱਤਰ ਪ੍ਰੇਰਕ): ਅੱਜ ਬਠਿੰਡਾ ਵਿੱਚ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਅੱਗੇ ਸ਼੍ਰੋਮਣੀ ਅਕਾਲੀ ਦਲ (ਸਯੁੰਕਤ) ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਪ੍ਰਧਾਨ ਸਰਬਜੀਤ ਸਿੰਘ ਡੂਮਵਾਲੀ ਦੀ ਅਗਵਾਈ ਹੇਠ ਮਹਿੰਗਾਈ ਖ਼ਿਲਾਫ਼ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਡੂਮਵਾਲੀ, ਮੀਤ ਪ੍ਰਧਾਨ ਭੋਲਾ ਸਿੰਘ ਗਿੱਲਪੱਤੀ, ਸੁਖਮਨ ਸਿੰਘ ਡਿੰਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਦੀ ਦੇਸ਼ ਅੰਦਰ ਮੋਦੀ ਸਰਕਾਰ ਆਈ ਹੈ, ਉਸ ਸਮੇਂ ਤੋਂ ਮਹਿੰਗਾਈ ਛੜੱਪੇ ਮਾਰ ਕੇ ਵੱਧ ਰਹੀ ਹੈ।