ਜੋਗਿੰਦਰ ਸਿੰਘ ਮਾਨ
ਮਾਨਸਾ, 19 ਜੁਲਾਈ
ਪਿਛਲੇ ਚਾਰ ਦਿਨਾਂ ਤੋਂ ਮਾਨਸਾ ਦੀ ਅਨਾਜ ਮੰਡੀ ਵਿਚ ਖੱਜਲ ਖੁਆਰ ਹੋ ਰਹੇ ਮੂੰਗੀ ਦੇ ਕਾਸ਼ਤਕਾਰਾਂ ਨੇ ਲੁਧਿਆਣਾ-ਸਿਰਸਾ ਮੁੱਖ ਮਾਰਗ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤੁਰੰਤ ਮੂੰਗੀ ਦੀ ਫ਼ਸਲ ਨੂੰ ਖ਼ਰੀਦਣ ਦੀ ਮੰਗ ਕੀਤੀ।
ਕਿਸਾਨ ਆਗੂ ਨਵਦੀਪ ਸਿੰਘ, ਤੇਜਿੰਦਰ ਸਿੰਘ ਅਤੇ ਮਿੱਠੂ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਅਤੇ ਮੱਕੀ ਦੀ ਫ਼ਸਲ ਤੇ ਐੱਮਐੱਸਪੀ ਦੇਣ ਦਾ ਐਲਾਨ ਕੀਤਾ ਗਿਆ,ਜਿਸ ਬਾਅਦ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਮੂੰਗੀ ਅਤੇ ਮੱਕੀ ਦੀ ਬਿਜਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ 20 ਹਜ਼ਾਰ ਏਕੜ ਵਿੱਚ ਮੂੰਗੀ ਦੀ ਬਿਜਾਈ ਕੀਤੀ ਗਈ, ਜੋ ਕਿ ਪੰਜਾਬ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਵੱਧ ਹੈ, ਪਰ ਹੁਣ ਕਿਸਾਨ ਆਪਣੀ ਮੂੰਗੀ ਦੀ ਫ਼ਸਲ ਨੂੰ ਵੇਚਣ ਲਈ ਵੀ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਹੀ ਕਿਸਾਨਾਂ ਵੱਲੋਂ ਮੂੰਗੀ ਦੀ ਬਿਜਾਈ ਕੀਤੀ ਗਈ ਸੀ, ਪਰ ਹੁਣ ਆਪਣੀ ਫ਼ਸਲ ਵੇਚਣ ਲਈ ਵੀ ਉਨ੍ਹਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਕਿਸਾਨਾਂ ਕਿਹਾ ਕਿ ਮੰਡੀ ਦੇ ਵਿੱਚ ਮੂੰਗੀ ਦਾ ਨਮੀ ਹੋਣ ਦਾ ਕਾਰਨ ਦੱਸ ਕੇ ਮੂੰਗੀ ਨਹੀਂ ਖਰੀਦੀ ਜਾ ਰਹੀ ਜਦੋਂ ਕਿ ਪ੍ਰਾਈਵੇਟ ਵਪਾਰੀ ਉਨ੍ਹਾਂ ਦੀ ਲੁੱਟ ਕਰ ਰਹੇ ਹਨ। ਇਸੇ ਦੌਰਾਨ ਮਾਰਕੀਟ ਕਮੇਟੀ ਦੇ ਸਕੱਤਰ ਜੈ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਮੂੰਗੀ ਦੀ ਖਰੀਦ ਹੋ ਰਹੀ ਹੈ ਅਤੇ ਜਿਹੜੇ ਕਿਸਾਨਾਂ ਦੀ ਫ਼ਸਲ ਖਰੀਦਣ ਤੋਂ ਰਹਿ ਗਈ, ਉਹ ਅਗਲੇ ਦਿਨਾਂ ਵਿੱਚ ਖਰੀਦੀ ਜਾਵੇਗੀ।
ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਬੈਂਕ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਆਈਸੀਆਈ ਬੈਂਕ ਅੱਗੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਬੈਂਕ ਪ੍ਰਬੰਧਕਾਂ ਵੱਲੋਂ ਪਿੰਡ ਖਿਆਲਾ ਕਲਾਂ ਦੇ ਕਿਸਾਨ ਨਾਜ਼ਮ ਸਿੰਘ ਵੱਲੋਂ ਬੈਂਕ ਲਿਮਟ ਦੇ ਸਾਰੇ ਪੈਸੇ ਭਰਨ ਦੇ ਬਾਵਜੂਦ, ਉਸ ਤੋਂ 27 ਹਜ਼ਾਰ ਰੁਪਏ ਦੀ ਬੇਲੋੜੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬੈਂਕ ਪ੍ਰਬੰਧਕਾਂ ਨੇ ਮਸਲੇ ਦੇ ਹੱਲ ਦਾ ਭਰੋਸਾ ਦਿੱਤਾ ਹੈ, ਪਰ ਜੇਕਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਮੁੜ ਧਰਨਾ ਲਾਇਆ ਜਾਵੇਗਾ। ਇਸ ਮੌਕੇ ਸੁਖਬਿੰਦਰ ਸਿੰਘ,ਹਰਦੇਵ ਰਾਠੀ,ਰਾਜ ਅਕਲੀਆ,ਰਾਜੂ ਅਲੀਸ਼ੇਰ ਨੇ ਵੀ ਸੰਬੋਧਨ ਕੀਤਾ।