ਨਵਕਿਰਨ ਸਿੰਘ
ਮਹਿਲ ਕਲਾਂ, 26 ਸਤੰਬਰ
ਲੰਘੀ 9 ਸਤੰਬਰ ਤੋਂ ਭੇਤਭਰੀ ਹਾਲਤ ’ਚ ਲਾਪਤਾ ਹੋਏ ਪਿੰਡ ਸਹਿਜੜਾ ਦੇ ਮਜ਼ਦੂਰ ਪਰਿਵਾਰ ਨਾਲ ਸਬੰਧਤ 15 ਸਾਲਾ ਹਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਦੀ ਭਾਲ ਕਰਨ ਵਿੱਚ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਖਫਾ ਇਲਾਕਾ ਵਾਸੀਆਂ ਨੇ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਚੱਕਾ ਜਾਮ ਕਰ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮਸਲੇ ਸਬੰਧੀ ਦੇਰ ਸ਼ਾਮ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਨਹੀਂ ਪਹੁੰਚਿਆ ਸੀ। ਇਸ ਮੌਕੇ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਆਗੂ ਜਗਰਾਜ ਸਿੰਘ ਰਾਮਾ, ਖੁਸ਼ੀਆ ਸਿੰਘ, ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਆਗੂ ਨਰੈਣ ਦੱਤ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਆਗੂ ਕਰਨੈਲ ਸਿੰਘ ਗਾਂਧੀ, ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜ੍ਹਾ, ਬਹੁਜਨ ਸਮਾਜ ਪਾਰਟੀ ਦੇ ਆਗੂ ਏਕਮ ਸਿੰਘ ਛੀਨੀਵਾਲ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਅਮਰਜੀਤ ਸਿੰਘ ਅਤੇ ਹਰਮਨਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀ ਹਰਪ੍ਰੀਤ ਸਿੰਘ 9 ਸਤੰਬਰ ਤੋਂ ਲਾਪਤਾ ਹੈ ਤੇ ਪਰਿਵਾਰ ਵੱਲੋਂ 10 ਸਤੰਬਰ ਨੂੰ ਪੁਲੀਸ ਥਾਣਾ ਮਹਿਲ ਕਲਾਂ ਵਿੱਚ ਲਿਖਤੀ ਦਰਖਾਸਤ ਦਿੱਤੀ ਗਈ ਸੀ, ਪਰ ਅਜੇ ਤੱਕ ਪੁਲੀਸ ਵੱਲੋਂ ਹਰਪ੍ਰੀਤ ਸਿੰਘ ਨੂੰ ਲੱਭਣ ਲਈ ਕੋਈ ਠੋਸ ਯਤਨ ਨਹੀਂ ਕੀਤਾ ਗਿਆ ਹੈ।