ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 18 ਨਵੰਬਰ
ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪੰਜਾਬ ਦੀ ਤ੍ਰਾਸਦੀ ਲਈ 70 ਸਾਲਾਂ ਤੋਂ ਰਾਜ ਕਰਦੀਆਂ ਆ ਰਹੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਮੋਦੀ ਤੇ ਚੰਨੀ ਸਰਕਾਰਾਂ ’ਤੇ ਕਿਸਾਨਾਂ ਨਾਲ ਪੈਰ-ਪੈਰ ’ਤੇ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਸਵਾਮੀਨਾਥਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਦੇਣ ਦੇ ਵਾਅਦੇ ਕੀਤੇ ਸਨ। ਉਨ੍ਹਾਂ 2017 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਸੰਪੂਰਨ ਕਰਜ਼ੇ ਮੁਆਫ਼ ਕਰਨ ਦੇ ਵਾਅਦੇ ਦੀ ਗੱਲ ਕਰਦਿਆਂ ਕਿਹਾ ਕਿ ਇਹ ਕਰਜ਼ਾ ਕਰੀਬ ਡੇਢ ਲੱਖ ਕਰੋੜ ਰੁਪਏ ਬਣਦਾ ਹੈ। ਇਸ ਵਾਅਦੇ ਮੁਤਾਬਕ ਕਿਸਾਨਾਂ ਅਤੇ ਮਜ਼ਦੂਰਾਂ ਤੋਂ ਫਾਰਮ ਵੀ ਭਰਵਾਏ ਗਏ ਪਰ ਸਰਕਾਰ ਬਣਦਿਆਂ ਹੀ ਕਾਂਗਰਸ ਨੇ ਆਪਣੇ ਵਾਅਦੇ ਨੂੰ ਅਸਲੋਂ ਵਿਸਾਰ ਦਿੱਤਾ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਮੁੜ ਤੋਂ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਵਾਅਦਿਆਂ ਦੀ ਇੱਕ ਸਮਾਂ ਸੀਮਾ ਐਲਾਨ ਕਰੋ ਅਤੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ-ਪਹਿਲਾਂ ਕਿਸਾਨ ਮਜ਼ਦੂਰਾਂ ਦਾ ਸੰਪੂਰਨ ਕਰਜ਼ਾ ਮੁਆਫ਼ ਕਰੋ।