ਜੋਗਿੰਦਰ ਸਿੰਘ ਮਾਨ
ਮਾਨਸਾ, 30 ਅਕਤੂਬਰ
ਪੰਜਾਬ ਸਰਕਾਰ ਵੱਲੋਂ ਦਿਹਾਤੀ ਤੇ ਸ਼ਹਿਰਾਂ ਵਿੱਚ ਵਸਦੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਇਕੋ ਸਥਾਨ ’ਤੇ ਲਾਭ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬੀ.ਡੀ.ਪੀ.ਓ ਦਫ਼ਤਰ ਮਾਨਸਾ ਵਿੱਚ ਜ਼ਿਲ੍ਹਾ ਪੱਧਰੀ ਸੁਵਿਧਾ ਕੈਂਪ ਲਗਾਇਆ ਗਿਆ।
ਕੈਂਪ ਦਾ ਉਦਘਾਟਨ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਰਦਿਆਂ ਕਿਹਾ ਕਿ ਦੋ ਦਿਨਾਂ ਅੰਦਰ ਜ਼ਿਲ੍ਹੇ ਵਿੱਚ ਚਾਰ ਥਾਈਂ ਲਗਾਏ ਗਏ ਸੁਵਿਧਾ ਕੈਂਪਾਂ ਦੌਰਾਨ ਹਜ਼ਾਰਾਂ ਲੋਕਾਂ ਨੇ ਲਾਭ ਉਠਾਇਆ ਹੈ ਅਤੇ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਤੇ ਧਨ ਦੀ ਵੱਡੀ ਬੱਚਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸੁਵਿਧਾਵਾਂ ਆਸਾਨ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਲੋੜਵੰਦਾਂ ਨੂੰ ਬਿਨਾਂ ਵਜ੍ਹਾ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਨੂੰ ਸਾਰਾ ਦਿਨ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ।