ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 13 ਅਪਰੈਲ
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਲਈ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਿਧਾਇਕ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਰੀਦਕੋਟ ਦਾ ਹਸਪਤਾਲ ਮਾਲਵੇ ਦੇ ਦਸ ਜ਼ਿਲ੍ਹਿਆਂ ਲਈ ਸਥਾਪਿਤ ਕੀਤਾ ਗਿਆ ਸੀ ਪਰ ਮਾਹਰ ਡਾਕਟਰਾਂ, ਸਟਾਫ਼ ਅਤੇ ਆਧੁਨਿਕ ਮਸ਼ੀਨਰੀ ਦੀ ਘਾਟ ਕਾਰਨ ਇਹ ਹਸਪਤਾਲ ਰੈਫ਼ਰ ਸੈਂਟਰ ਬਣ ਕੇ ਰਹਿ ਗਿਆ ਹੈ। ਇੱਥੇ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਇਲਾਜ ਲਈ ਚੰਡੀਗੜ੍ਹ ਜਾਂ ਲੁਧਿਆਣੇ ਰੈਫ਼ਰ ਕਰ ਦਿੱਤਾ ਜਾਂਦਾ ਹੈ। ਵਿਧਾਇਕ ਨੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮਾਲਵੇ ਦਾ ਸਭ ਤੋਂ ਵੱਡਾ ਕੈਂਸਰ ਹਸਪਤਾਲ ਵੀ ਇੱਥੇ ਹੈ, ਜਿੱਥੇ ਮਰੀਜ਼ਾਂ ਨੂੰ ਕੋਈ ਵੀ ਲੋੜੀਂਦੀ ਸਹੂਲਤ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਪ੍ਰਬੰਧਾਂ ਵਿੱਚ ਘਾਟ ਹੋਣ ਕਾਰਨ ਮਾਹਰ ਡਾਕਟਰ ਇਸ ਹਸਪਤਾਲ ਨੂੰ ਛੱਡ ਕੇ ਜਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਹਸਪਤਾਲ ਦੇ ਹਾਲਾਤ ਸੁਧਾਰਨ ਲਈ ਪੰਜਾਬ ਸਰਕਾਰ ਬਿਨਾਂ ਦੇਰੀ ਲੋੜੀਂਦੇ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਮਾਹਰ ਡਾਕਟਰਾਂ ਦੀ ਭਰਤੀ ਲਈ ਬਾਬਾ ਫਰੀਦ ਯੂਨੀਵਰਸਿਟੀ ਨੂੰ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਹਨ।