ਪੱਤਰ ਪ੍ਰੇਰਕ
ਚਾਉਕੇ, 1 ਅਗਸਤ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ 8 ਅਗਸਤ ਨੂੰ ਪੰਜਾਬ ਭਰ ਵਿਚ ਡੀ ਸੀ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨੇ ਦੀ ਸਫਲਤਾ ਲਈ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਮਨਦੀਪ ਸਿੰਘ ਸਬਿੀਆਂ ਦੀ ਪ੍ਰਧਾਨਗੀ ਹੇਠ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਵੱਖ- ਵੱਖ ਪਿੰਡਾਂ ਤੋਂ ਪਹੁੰਚੇ ਜਥੇਬੰਦੀ ਦੇ ਆਗੂ ਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਤੇ ਜ਼ਿਲ੍ਹਾ ਕਮੇਟੀ ਮੈਂਬਰ ਤੀਰਥ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਮਜ਼ਦੂਰਾਂ ਨੂੰ ਰੁਜ਼ਗਾਰ ਦਾ ਪੱਕਾ ਪ੍ਰਬੰਧ ਕਰਾਉਣ, ਮਨਰੇਗਾ ਤਹਿਤ ਪਰਿਵਾਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਲ ਭਰ ਦਾ ਕੰਮ ਦਿਵਾਉਣ, ਮਨਰੇਗਾ ਤੇ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਕਰਵਾਉਣ, ਮਜ਼ਦੂਰਾਂ ਨੂੰ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਦਿਵਾਉਣ ਆਦਿ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਧਰਨੇ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਝੰਜੋੜਿਆ ਜਾਵੇਗਾ।