ਸੰਗਤ ਮੰਡੀ: ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਡੱਬਵਾਲੀ ਰੋਡ ਨੂੰ ਚੌੜਾ ਕਰਨ ਅਤੇ ਭਾਰਤਮਾਲਾ ਪ੍ਰਾਜੈਕਟ ਤਹਿਤ ਜੰਮੂ-ਕੱਟੜਾ ਹਾਈਵੇਅ ਅਧੀਨ ਬਣ ਰਹੀ ਸੜਕ ਸਬੰਧੀ ਨਿਗੂਣਾ ਮੁਆਵਜ਼ਾ ਦੇ ਕੇ ਧੱਕੇ ਨਾਲ ਜ਼ਮੀਨ ਐਕਵਾਇਰ ਕਰਨ ਦੇ ਵਿਰੋਧ ਵਿੱਚ ਪਥਰਾਲਾ ਵਿੱਚ ਬੀਤੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਚੱਲ ਰਿਹਾ ਹੈ। ਮੋਰਚੇ ਵਿੱਚ ਲਾਮਬੰਦੀ ਵਧਾਉਣ ਲਈ 29 ਅਗਸਤ ਨੂੰ ਇਲਾਕੇ ਦੇ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ। ਇਸ ਦੀ ਤਿਆਰੀ ਵਜੋਂ ਅੱਜ ਇਲਾਕੇ ਦੇ ਪਿੰਡ ਗਹਿਰੀ ਬੁੱਟਰ, ਜੱਸੀ ਬਾਗ ਵਾਲੀ ਤੇ ਪਥਰਾਲਾ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਬਲਾਕ ਪ੍ਰਧਾਨ ਕੁਲਵੰਤ ਰਾਏ ਸ਼ਰਮਾਂ ਤੇ ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਕੋਟਗੁਰੂ ਨੇ ਪਿੰਡ ਕਮੇਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਮੋਟਰਸਾਈਕਲ ਮਾਰਚ ਲਈ ਘਰ-ਘਰ ਸੁਨੇਹੇ ਲਾਏ ਜਾਣ ਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਮੀਨਾ ਦਾ ਪੂਰਾ ਮੁਆਵਜ਼ਾ ਲੈਣ ਤੇ ਹੋਰਨਾਂ ਮੰਗਾਂ ਦੀ ਪੂਰਤੀ ਤਕ ਇਹ ਸੰਘਰਸ਼ ਜਾਰੀ ਰਹੇਗਾ। -ਪੱਤਰ ਪ੍ਰੇਰਕ