ਜੋਗਿੰਦਰ ਸਿੰਘ ਮਾਨ
ਮਾਨਸਾ, 28 ਅਕਤੂਬਰ
ਮਾਨਸਾ ਵਿੱਚ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਕਾਮਿਆਂ ਵੱਲੋਂ ਸਰਕਾਰ ਦੁਆਰਾ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪ੍ਰਦਰਸ਼ਨ ਕਰਦਿਆਂ ਮੋਟਰਸਾਈਕਲ ਰੈਲੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਭਲਕੇ 29 ਤੋਂ 30 ਅਕਤੂਬਰ ਤੱਕ ਸਮੂਹ ਦਫ਼ਤਰੀ ਬਾਬੂ ਸਮੂਹਿਕ ਛੁੱਟੀ ਲੈਕੇ ਸਰਕਾਰ ਦਾ ਕੰਮ ਬਿਲਕੁੱਲ ਠੱਪ ਰੱਖਣਗੇ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਮੁਤਾਬੁਕ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ 1972 ਦੇ ਰੂਲਾਂ ਅਨੁਸਾਰ ਲਾਗੂ ਕਰਨ, ਡੀਏ ਦੀਆਂ ਬਕਾਇਆ ਕਿਸ਼ਤਾ ਰਿਲੀਜ਼ ਕਰਨ, ਏ.ਸੀ.ਪੀ. ਸਕੀਮ ਦੀ ਬਹਾਲੀ, ਕੇਦਰੀ ਪੈਟਰਨ ਤੇ ਭਰਤੀ ਬੰਦ ਕਰਵਾਉਣਾ, ਛੇਵੇ ਪੇ ਕਮਿਸ਼ਨ ਦਾ ਬਕਾਇਆ ਰਲੀਜ਼ ਕਰਵਾਉਣਾ, ਜਜੀਆ ਟੈਕਸ ਬੰਦ ਕਰਵਾਉਣਾ ਅਤੇ ਹੋਰ ਸਾਂਝੀਆਂ ਮੰਗਾਂ ਦਾ ਸਰਕਾਰ ਲਾਗੂ ਕਰਨ ’ਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਾਰ ਵਾਰ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਭੱਜ ਰਹੀ ਹੈ ਅਤੇ ਪੈਨਲ ਮੀਟਿੰਗ ਦਾ ਸਮਾਂ ਨਹੀਂ ਦੇ ਰਹੀ, ਜਿਸ ਕਾਰਨ ਸਮੁੱਚੇ ਮਨਿਸਅਰੀਅਲ ਸਾਥੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਮੰਗਾਂ ਨੂੰ ਛੇਤੀ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਤਿੱਖਾ ਸੰਘਰਸ਼ ਸਰਕਾਰ ਖਿਲਾਫ਼ ਵਿੱਢਿਆ ਜਾਵੇਗਾ। ਇਸ ਮੌਕੇ ਸੰਦੀਪ ਸਿੰਘ, ਲਾਲ ਸਿੰਘ, ਰਾਕੇਸ਼ ਕੁਮਾਰ, ਮਨਦੀਪ ਸਿੰਘ, ਗੁਰਤੇਜ ਸਿੰਘ, ਜਗਦੀਸ਼ ਸਿੰਘ, ਚਾਨਣ ਸਿੰਘ, ਗੁਰਪ੍ਰੀਤ ਸਿੰਘ, ਸਤਵੀਰ ਸਿੰਘ, ਜਸਪਾਲ ਸ਼ਰਮਾ, ਮਨੋਜ ਕੁਮਾਰ ਨੇ ਵੀ ਸੰਬੋਧਨ ਕੀਤਾ।