ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਮਾਨਸਾ, 7 ਜੁਲਾਈ
ਪੰਜਾਬ ਨੰਬਰਦਾਰ ਯੂਨੀਅਨ ਦੀ ਮਾਨਸਾ ਜ਼ਿਲ੍ਹਾ ਇਕਾਈ ਵੱਲੋਂ ਨੰਬਰਦਾਰਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਮਾਣਭੱਤਾ ਨਾ ਦਿੱਤੇ ਜਾਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਨੰਬਰਦਾਰਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਪ੍ਰਤੀ ਮਹੀਨਾ 2000 ਰੁਪਏ ਮਾਣਭੱਤਾ ਦਿੱਤਾ ਜਾਵੇਗਾ, ਪਰ ਉਨ੍ਹਾਂ ਨੂੰ ਜਿਹੜਾ ਮਾਣਭੱਤਾ ਮਿਲ ਰਿਹਾ ਸੀ, ਉਹ ਵੀ ਨਹੀਂ ਦਿੱਤਾ ਜਾ ਰਿਹਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਾਜਰ ਸਿੰਘ ਖਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰਦੀ ਤਾਂ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਵੀ ਨੰਬਰਦਾਰ ਆਪਣੀ ਬਣਦੀ ਡਿਊਟੀ ਨੂੰ ਤਨਦੇਹੀ ਨਾਲ ਨਿਭਾ ਰਹੇ ਹਨ, ਪਰ ਸਰਕਾਰ ਉਨ੍ਹਾਂ ਨੂੰ ਨਿਗੂਣੀਆਂ ਤਨਖਾਹਾਂ ਦੇ ਕੇ ਬੁੱਤਾ ਸਾਰ ਰਹੀ ਹੈ। ਇਸੇ ਦੌਰਾਨ ਨੰਬਰਦਾਰ ਯੂਨੀਅਨ ਦਾ ਵਫ਼ਦ ਮਾਨਸਾ ਦੇ ਤਹਿਸੀਲਦਾਰ ਅਮਰਜੀਤ ਸਿੰਘ ਨੂੰ ਮਿਲਿਆ, ਜਿਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇੱਕ-ਦੋ ਦਿਨਾਂ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਬਣਦਾ ਮਾਣਭੱਤਾ ਪਾ ਦਿੱਤਾ ਜਾਵੇਗਾ।