ਪੱਤਰ ਪ੍ਰੇਰਕ
ਮਾਨਸਾ, 18 ਜਨਵਰੀ
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਲੋੜੀਂਦੇ ਉਪਰਕਨ ਮੁਹੱਈਆ ਕਰਵਾ ਕੇ ਸਮੇਂ ਦੇ ਹਾਣੀ ਬਣਾਉਣ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਲਿਮਕੋ ਅਤੇ ਵੱਖ-ਵੱਖ ਐਨਜੀਓਜ਼ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਹ ਅੱਜ ਇਥੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੌਮੀ ਦਿਵਿਆਂਗ ਦਿਵਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਵਿਚ ਵੀ ਦਿਵਿਆਂਗ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਗੇ। ਮਾਨਸਾ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਅਦਾਰੇ ਅਲਿਮਕੋ ਵੱਲੋਂ ਦਿਵਿਆਂਗ ਲੋਕਾਂ ਪਾਸੋਂ ਪ੍ਰਾਪਤ ਦਰਖ਼ਾਸਤਾਂ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਇਸ ਉਪਰੰਤ ਇਕ ਵਿਸ਼ੇਸ਼ ਕੈਂਪ ਲਗਾਕੇ ਦਿਵਿਆਂਗ ਵਿਅਕਤੀਆਂ ਨੂੰ ਲੋੜੀਂਦੀ ਮਸ਼ੀਨਰੀ, ਵਹੀਕਲ ਅਤੇ ਬਨਾਊਟੀ ਅੰਗ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਸ ਮੌਕੇ ਆਏ ਦਿਵਿਆਂਗ ਵਿਅਕਤੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਨੇ ਕਿਹਾ ਕਿ ਦਿਵਿਆਂਗ ਲੋੜੀਂਦੇ ਉਪਕਰਣ ਪ੍ਰਾਪਤ ਕਰਨ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।