ਪੱਤਰ ਪ੍ਰੇਰਕ
ਮਾਨਸਾ, 15 ਨਵੰਬਰ
ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਨੇ 16 ਨਵੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਹਲਕਾ ਚੱਬੇਵਾਲ ਵਿੱਚ ਨਿਵੇਕਲੇ ਅੰਦਾਜ਼ ’ਚ ਪੋਲ ਖੋਲ੍ਹ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਅਤੇ ਦਫਤਰੀ ਸਿਹਤ ਕਾਮੇ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਲਗਪਗ ਢਾਈ ਸਾਲ ਦਾ ਸਮਾਂ ਬੀਤ ਜਾਣ ’ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀਂ ਕੀਤੀ, ਜਿਸ ਕਰਕੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਵੱਲੋਂ 2017 ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਸਰਵਿਸ ਬਾਏ ਲਾਅਜ਼ ਬਣਾ ਕੇ ਰੈਗੂਲਰ ਪੇਅ ਸਕੇਲ, ਪੇਅ ਕਮਿਸ਼ਨ, ਡੀਏ ਅਤੇ ਮੈਡੀਕਲ ਰੀਬਰਸਮੈਂਟ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹ ਪੰਜਾਬ ਵਿੱਚ ਵੀ ਲਾਗੂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਦੀਆਂ ਜਾਇਜ਼ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਕੇ ਬਣਦਾ ਮਾਣ-ਸਨਮਾਨ ਬਹਾਲ ਕੀਤਾ ਜਾਵੇ।