ਤਪਾ ਮੰਡੀ (ਪੱਤਰ ਪ੍ਰੇਰਕ): ਸਿਵਲ ਹਸਪਤਾਲ ਤਪਾ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਫਾਰਗ ਕੀਤੇ ਜਾਣ ’ਤੇ ਵੱਖ-ਵੱਖ ਕੈਟਾਗਿਰੀਆਂ ਦੇ ਮੁਲਾਜ਼ਮਾਂ ਵੱਲੋਂ ਕਾਫ਼ੀ ਸਮੇਂ ਤੋਂ ਸਿਵਲ ਹਸਪਤਾਲ ਤਪਾ ਵਿੱਚ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਹੁਣ, ਉਨ੍ਹਾਂ ਦੇ ਸੱਦੇ ’ਤੇ ਉਨ੍ਹਾਂ ਦੀ ਹਮਾਇਤ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਤਪਾ ਹਸਪਤਾਲ ਵਿੱਚ ਧਰਨਾ ਲਾਉਣ ਤੋਂ ਬਾਅਦ ਤਪਾ ਵਿੱਚ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਜਾਮ ਲਾ ਦਿੱਤਾ ਗਿਆ। ਅਖੀਰ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਡੀਈਐਫਓ ਨੇ ਮੁਲਾਜ਼ਮਾਂ ਤੋਂ ਮੰਗ ਪੱਤਰ ਲਿਆ ਅਤੇ 16 ਜੂਨ ਨੂੰ ਉਨ੍ਹਾਂ ਦੀ ਮੀਟਿੰਗ ਸਿਵਲ ਸਰਜਨ ਬਰਨਾਲਾ ਨਾਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਜੁਆਇੰਟ ਸਕੱਤਰ ਵਰਿੰਦਰ ਸਿੰਘ ਆਜ਼ਾਦ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਗੋਪੀ ਅਤੇ ਲਖਵੀਰ ਸਿੰਘ ਦੁੱਲਮਸਰ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਬਹਾਲ ਨਹੀਂ ਕਰਦੀ, ਉਹ ਇਨ੍ਹਾਂ ਦੀ ਹਰ ਮਦਦ ਕਰਨਗੇ।