ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 13 ਮਾਰਚ
ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਜਿੱਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਸਰਕਾਰੀ ਦਫ਼ਤਰਾਂ ਅਤੇ ਹਸਪਤਾਲਾਂ ਵਿੱਚ ਜਾ ਕੇ ਲੋਕਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਹੈ। ਵਿਧਾਇਕ ਦੀ ਪਤਨੀ ਬੇਅੰਤ ਕੌਰ ਸੇਖੋਂ ਅਤੇ ਬੇਟੇ ਅਨਮੋਲ ਸਿੰਘ ਸੇਖੋਂ ਨੇ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਸ ਤੋਂ ਬਾਅਦ ਮਰੀਜ਼ਾਂ ਦੀਆਂ ਸਮੱਸਿਆਵਾਂ ਬਾਰੇ ਮੈਡੀਕਲ ਸੁਪਰਡੈਂਟ ਨਾਲ ਗੱਲਬਾਤ ਕੀਤੀ। ਵਿਧਾਇਕ ਦੇ ਪਰਿਵਾਰਕ ਮੈਂਬਰਾਂ ਦੀ ਫੇਰੀ ਤੋਂ ਪਹਿਲਾਂ ਹੀ ਮੈਡੀਕਲ ਸੁਪਰਡੈਂਟ ਨੇ ਹਸਪਤਾਲ ਦੀ ਸਾਫ਼ ਸਫ਼ਾਈ ਅਤੇ ਅਮਲੇ ਲਈ ਸਮੇਂ ਸਿਰ ਹਸਪਤਾਲ ’ਚ ਹਾਜ਼ਰ ਹੋਣ ਬਾਰੇ ਪੱਤਰ ਜਾਰੀ ਕਰ ਦਿੱਤਾ। ਬੇਅੰਤ ਕੌਰ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਦਾ ਮੈਡੀਕਲ ਕਾਲਜ ਤੇ ਹਸਪਤਾਲ ਮਾਲਵੇ ਦੇ ਦਸ ਜ਼ਿਲ੍ਹਿਆਂ ਲਈ ਸਥਾਪਤ ਕੀਤਾ ਗਿਆ ਸੀ ਪ੍ਰੰਤੂ ਇਸ ਹਸਪਤਾਲ ਵਿਚ ਲੋਕਾਂ ਨੂੰ ਲੋੜ ਅਨੁਸਾਰ ਸਿਹਤ ਸੇਵਾਵਾਂ ਨਹੀਂ ਮਿਲ ਰਹੀਆਂ ਅਤੇ ਲੋਕਾਂ ਨੂੰ ਵੱਡੇ ਪੱਧਰ ‘ਤੇ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਕਿਸੇ ਵੀ ਮਰੀਜ਼ ਨੂੰ ਇਲਾਜ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਵੇਲੇ ਮੈਡੀਕਲ ਕਾਲਜ ਦੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇੱਥੇ ਆਉਣ ਵਾਲੇ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਤੀਰਾ ਅਪਣਾਇਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਖੱਜਲ-ਖੁਆਰ ਨਾ ਕੀਤਾ ਜਾਵੇ। ਗੁਰਤੇਜ ਸਿੰਘ ਖੋਸਾ, ਜਗਮੀਤ ਸਿੰਘ ਸੁੱਖਣਵਾਲਾ ਅਤੇ ਸਿਮਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਬੇਅੰਤ ਕੌਰ ਸੇਖੋਂ ਚਾਰ ਵਾਰਡਾਂ ਦੇ ਮਰੀਜ਼ਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੋਟ ਕਰਕੇ ਲੈ ਗਏ ਹਨ ਅਤੇ ਇਸ ਫੇਰੀ ਕਾਰਨ ਸਿਹਤ ਅਮਲਾ ਵੀ ਹਰਕਤ ਵਿੱਚ ਆਇਆ ਹੈ। ਮੈਡੀਕਲ ਸੁਪਰਡੈਂਟ ਡਾ. ਸੁਲੇਖ ਮਿੱਤਲ ਨੇ ਕਿਹਾ ਕਿ ਹਸਪਤਾਲ ਦੀ ਸਾਫ਼ ਸਫ਼ਾਈ ਅਤੇ ਮਰੀਜ਼ਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪ੍ਰਸ਼ਾਸਨ ਨੇ ਇਕ ਦਿਨ ਪਹਿਲਾਂ ਹੀ ਦਫ਼ਤਰੀ ਹੁਕਮ ਜਾਰੀ ਕੀਤਾ ਹੈ ਅਤੇ ਇਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।