ਮਹਿੰਦਰ ਸਿੰਘ ਰੱਤੀਆਂ
ਮੋਗਾ, 13 ਜੁਲਾਈ
ਇਥੇ ਨਗਰ ਨਿਗਮ ਦੀ ਨਵੀਂ ਕਮਿਸ਼ਨਰ ਪੂਨਮ ਸਿੰਘ ਨੇ ਅਹੁਦਾ ਸੰਭਾਲਦੇ ਹੀ ਸ਼ਹਿਰ ਅਤੇ ਪਾਰਕਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪਾਰਕਾਂ ਦੀ ਮਾੜੀ ਹਾਲਤ ਦੇਖਕੇ ਕਮਿਸ਼ਨਰ ਨੇ ਮੌਕਾ ’ਤੇ ਨਿਗਮ ਅਧਿਕਾਰੀਆਂ ਨੁੰ ਸੱਦ ਕੇ ਖਿਚਾਈ ਅਤੇ ਤਾੜਨਾ ਕਰਦਿਆਂ ਤੁਰੰਤ ਸਫ਼ਾਈ ਕਰਵਾਉਣ ਲਈ ਆਖਿਆ। ਇਸ ਮੌਕੇ ਨਿਗਮ ਕਮਿਸ਼ਨਰ ਪੂਨਮ ਸਿੰਘ ਨੇ ਪਾਰਕਾਂ ’ਚ ਸਫ਼ਾਈ ਪ੍ਰਬੰਧਾਂ ’ਤੇ ਨਰਾਜ਼ਗੀ ਦਾ ਪ੍ਰਗਟਾਵਾ ਕਰਦਿਆਂ ਐੱਸਡੀਓ ਗੁਰਜੋਤ ਸਿੰਘ, ਐੱਸਡੀਓ ਸੋਫੀਆ ਉੱਪਲ ਅਤੇ ਜੂਨੀਅਰ ਇੰਜਨੀਅਰ ਸਤਬੀਰ ਸਿੰਘ, ਜੂਨੀਅਰ ਇੰਜਨੀਅਰ ਹਰਸਿਮਰਤ ਕੌਰ ਨੂੰ ਹਦਾਇਤ ਕੀਤੀ ਕਿ ਪਾਰਕਾਂ ਦੀ ਪਹਿਲ ਦੇ ਆਧਾਰ ’ਤੇ ਸਫਾਈ ਕਰਵਾਈ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਥਾਨਕ ਨਗਰ ਨਿਗਮ ਨੂੰ ਸੂਬੇ ’ਚ ਮਿਸਾਲ ਦੇ ਤੌਰ ਉੱਤੇ ਉਭਾਰਨ ਲਈ ਲੋਕਾਂ ਦੇ ਸਹਿਯੋਗ ਨਾਲ ਅਤੀ ਸੁੰਦਰ ਬਣਾਉਣ ਦੀ ਯੋਜਨਾ ਉਲੀਕੀ ਗਈ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਪੂਰਨ ਤੌਰ ’ਤੇ ਸਫਾਈ ਅਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵਿਉਂਤਬੰਦ ਕੀਤੀ ਜਾ ਰਹੀ ਹੈ। ਸ਼ਹਿਰ ਨੂੰ ਸੁੰਦਰ ਬਣਾਉਣ ਲਈ ਛਾਂ ਅਤੇ ਫੁੱਲਦਾਰ ਬੂਟੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਲਗਾਏ ਜਾਣਗੇ ਤਾਂ ਕਿ ਸ਼ਹਿਰ ਵਿਚ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ ਅਤੇ ਸ਼ਹਿਰ ਨੂੰ ਸੁੰਦਰ ਬਣਾਇਆ ਜਾ ਸਕੇ। ਉਨ੍ਹਾਂ ਸ਼ਹਿਰ ਦੇ ਪਾਰਕਾਂ ਦਾ ਨਿਰੀਖਣ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਕਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਪਾਰਕਾਂ ਵਿੱਚ ਹਰਿਆਵਲ ਵਧਾਉਣ ਲਈ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਉਚੇਚੇ ਤੌਰ ’ਤੇ ਉਪਰਾਲੇ ਕਰਨਾ ਹਰੇਕ ਵਿਅਕਤੀ ਦਾ ਫ਼ਰਜ਼ ਬਣਦਾ ਹੈ ਅਤੇ ਐੱਨਜੀ.ਓਜ਼ ਇਸ ਸਾਰੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਕੇ ਅਜਿਹੇ ਅਭਿਆਨ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਅ ਸਕਦੇ ਹਨ।