ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਵੱਲੋਂ ਜਾਰੀ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਪੰਜਾਬ ਦੇ ਕਿਸਾਨਾਂ ਪੱਖੀ ਬਿੱਲਾਂ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ’ਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਸਰਪੰਚਾਂ, ਆੜ੍ਹਤੀਆਂ ’ਚ ਤਸੱਲੀ ਪਾਈ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਪੂਰਨ ਸਿੰਘ ਦੋਦਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਜਲਾਸ ਖ਼ਤਮ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਬੈਠਕ ਹੋਵੇਗੀ ਜਿਸ ਉਪਰੰਤ ਕੋਈ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵੀ ਮਜਬੂਰੀ ਵਿੱਚ ਇਕੱਠੀਆਂ ਹੋਈਆਂ ਹਨ, ਕਿਸਾਨ ਅੰਦੋਲਨ ਇਕ ਮੀਲ ਪੱਥਰ ਸਾਬਤ ਹੋਵੇਗਾ। ਪਿੰਡ ਸਦਰਵਾਲਾ ਦੇ ਸਰਪੰਚ ਸ਼ਰਨਜੀਤ ਸੰਧੂ ਨੇ ਬਿੱਲਾਂ ਨੂੰ ਇਤਿਹਾਸਕ ਕਿਹਾ। ਕਿਸਾਨ ਪਰਮਜੀਤ ਸਿੰਘ ਬਿੱਲੂ ਨੇ ਕਿਹਾ ਕਿ ਜੇ ਸਰਕਾਰ ਇਸੇ ਤਰ੍ਹਾਂ ਕਿਸਾਨਾਂ ਦੇ ਹਿੱਤਾਂ ਲਈ ਅੜੀ ਰਹੀ ਤਾਂ ਇਸ ਨਾਲ ਪੂਰੇ ਮੁਲਕ ਦੇ ਕਿਸਾਨਾਂ ਦਾ ਭਲਾ ਹੋਵੇਗਾ।
ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨਾਂ ਦੇ ਹੱਕਾਂ ਲਈ ਬਿੱਲ ਪੇਸ਼ ਕਰਨ ’ਤੇ ਸਮੁੱਚੇ ਕਾਂਗਰਸੀਆਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਕਾਂਗਰਸੀ ਵਰਕਰ ਲੱਡੂ ਵੰਡ ਕੇ ਖੁਸ਼ੀ ਦਾ ਇਜਹਾਰ ਕਰ ਰਹੇ ਹਨ। ਅੱਜ ਸ਼ਹਿਰ ਦੀ ਅਨਾਜ ਮੰਡੀ ’ਚ ਆੜ੍ਹਤੀਆ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸ਼ਾਮ ਸੁੰਦਰ ਮੈਣੀ ਦੀ ਆੜ੍ਹਤ ਤੇ ਕਾਂਗਰਸੀ ਵਰਕਰ ਇਕੱਠ ਹੋਏ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਕਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਆੜ੍ਹਤੀਆ ਯੂਨੀਅਨ ਦੇ ਚੇਅਰਮੈਨ ਜਰਨੈਲ ਸਿੰਘ ਮੁਖੀਜਾ, ਚੇਅਰਮੈਨ ਮਾਰਕੀਟ ਕਮੇਟੀ ਰਾਜ ਬਖਸ਼ ਕੰਬੋਜ, ਦਰਸ਼ਨ ਵਾਟਸ, ਬਿੱਟੂ ਸਤੀਆ ਮੌਜੂਦ ਸਨ।
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫ਼ੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੰਜਾਬ ਦੇ ਕਿਸਾਨਾਂ ਦੇ ਹੱਕ ‘ਚ ਪਾਸ ਕੀਤੇ ਖੇਤੀ ਬਿੱਲਾਂ ਦੀ ਜਿੱਥੇ ਕਿਸਾਨ ਯੂਨੀਅਨਾਂ ਵੱਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ, ਉੱਥੇ ਹੀ ਕਾਂਗਰਸ ਪਾਰਟੀ ਦੇ ਵਰਕਰਾਂ ਵਿੱਚ ਵੱਡੀ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ। ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖੰਡਾ ਚੌਕ ਵਿਚ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਲੱਡੂ ਵੰਡ ਕੇ ਜਸ਼ਨ ਮਨਾਏ।
ਬਰਨਾਲਾ (ਪਰਸ਼ੋਤਮ ਬੱਲੀ): ਕੇਂਦਰ ਦੇ ਖੇਤੀ ਅਤੇ ਕਿਸਾਨ ਵਿਰੋਧੀ ਬਿਲਾਂ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਰੱਦ ਕਰਨ ਦੀ ਖ਼ੁਸ਼ੀ ਵਿੱਚ ਅੱਜ ਮਹਾਰਿਸ਼ੀ ਵਾਲਮੀਕਿ ਚੌਂਕ ਵਿੱਚ ਨਗਰ ਸੁਧਾਰ ਟਰਸਟ ਬਰਨਾਲਾ ਦੇ ਚੇਅਰਮੈਨ ਮੱਖਣ ਸ਼ਰਮਾ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਸ੍ਰੀ ਸ਼ਰਮਾ ਨੇ ਕਿਹਾ ਕਿ ਹਲਕੇ ਦੇ ਲੋਕ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ‘ਖੇਤੀ ਅਤੇ ਕਿਸਾਨਾਂ ਦੇ ਰਾਖੇ’ ਦੇ ਖਿਤਾਬ ਨਾਲ ਸਨਮਾਨਿਤ ਕਰਨਗੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੀ ਚੇਅਰਪਰਸਨ ਸਰਬਜੀਤ ਕੌਰ ਖੁੱਡੀ ਕਲਾਂ, ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਮਿੱਤਲ, ਹਰਵਿੰਦਰ ਸਿੰਘ ਚਹਿਲ, ਯੂਥ ਆਗੂ ਜੌਂਟੀ ਮਾਨ, ਬਲਾਕ ਪ੍ਰਧਾਨ ਸਤੀਸ਼ ਜੱਜ ਵੀ ਮੌਜੂਦ ਰਹੇ।
ਮੁੱਖ ਮੰਤਰੀ ਨੇ ਇਤਿਹਾਸਕ ਕਦਮ ਚੁੱਕਿਆ: ਢਿੱਲੋਂ
ਬਰਨਾਲਾ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਆਗੂ ਕੇਵਲ ਸਿੰਘ ਢਿੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਬਿੱਲ ਇਤਿਹਾਸਕ ਤੇ ਸੂਬੇ ਦੇ ਹੱਕਾਂ ਨੂੰ ਬਚਾਉਣ ਵਾਲਾ ਕਦਮ ਹੈ। ਇਸ ਲਈ ਸਮੂਹ ਪੰਜਾਬੀ ਮੁੱਖ ਮੰਤਰੀ ਕੈਪਟਨ ਦੇ ਧੰਨਵਾਦੀ ਹਨ। ਸ੍ਰੀ ਢਿੱਲੋਂ ਨੇ ਕਿਹਾ ਕਿ ਇਹ ਸਖ਼ਤ ਕਦਮ ਪੁੱਟ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਸਾਬਤ ਕੀਤਾ ਹੈ ਕਿ ਉਹ ਪੰਜਾਬ ਤੇ ਕਿਸਾਨੀ ਦੇ ਅਸਲ ਰਾਖੇ ਹਨ।