ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 2 ਨਵੰਬਰ
ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਤੇ ਬੀਕੇਯੂ ਏਕਤਾ ਡਕੌਂਦਾ ਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਚੱਲ ਰਿਹਾ ਮੋਰਚਾ ਨਿਰਵਿਘਨ ਜਾਰੀ ਹੈ ਜਿਸ ਵਿੱਚ ਕਿਸਾਨਾਂ, ਮਜ਼ਦੂਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਔਰਤਾਂ ਨੇ ਸ਼ਮੂਲੀਅਤ ਕੀਤੀ। ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ 2020 ਨੂੰ ਰੱਦ ਕਰਾਉਣ ਅਤੇ ਐੱਮ ਪੀ ਦੀ ਗਰੰਟੀ ਵਾਲਾ ਕਾਨੂੰਨ ਬਣਾਉਣ ਦੀ ਮੰਗ ਤੇ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਵਧਾਉਣ ਤੇ ਲੋਕ ਵਿਰੋਧੀ ਹਕੂਮਤ ਵਲੋਂ ਪੰਜਾਬੀ ਭਾਸ਼ਾ ਨੂੰ ਜ਼ਰੂਰੀ ਵਿਸੇ ਵਿੱਚੋਂ ਬਾਹਰ ਕੱਢਣ ਦਾ ਸਖ਼ਤ ਵਿਰੋਧ ਕੀਤਾ ਗਿਆ। ਸ਼ਹਿਰ ਰਾਮਪੁਰਾ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂ ਮੁਖਤਿਆਰ ਪੂਹਲਾ,ਜਗਜੀਤ ਸਿੰਘ ਲਹਿਰਾ, ਇਲਾਕਾ ਆਗੂ ਹਰਮੇਸ ਕੁਮਾਰ ਰਾਮਪੁਰਾ ਤੇ ਗੁਰਕੀਰਤ ਸਿੰਘ ਔਲਖ ਨੇ ਸੰਬੋਧਨ ਕੀਤਾ।
ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਧਰਨਾ ਜਾਰੀ
ਮਹਿਲ ਕਲਾਂ(ਨਵਕਿਰਨ ਸਿੰਘ): ਇਥੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਕਿਸਾਨਾਂ ਦਾ ਪੱਕਾ ਧਰਨਾ ਜਾਰੀ ਹੈ। ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਅਤੇ ਲਖੀਮਪੁਰ ਖੀਰੀ ਮਾਮਲੇ ’ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਧਰਨੇ ਨੂੰ ਕਿਸਾਨ ਆਗੂ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਬਰਨਾਲਾ ਲੁਧਿਆਣਾ ਮੁੱਖ ਮਾਰਗ ’ਤੇ ਭੱਦਲਵੱਡ ਨੇੜੇ ਰਿਲਾਇੰਸ ਪੈਟਰੋਲ ਪੰਪ ਅੱਗੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਲਾਇਆ ਧਰਨਾ ਕੁਲਜੀਤ ਸਿੰਘ ਵਜ਼ੀਦਕੇ, ਜੱਜ ਸਿੰਘ ਗਹਿਲ,ਬੁੱਕਣ ਸਿੰਘ ਸੱਦੋਵਾਲ ਆਦਿ ਦੀ ਅਗਵਾਈ ਹੇਠ ਜਾਰੀ ਹੈ।