ਪੱਤਰ ਪ੍ਰੇਰਕ
ਜ਼ੀਰਾ, 8 ਨਵੰਬਰ
ਸਰਕਾਰੀ ਕਾਲਜ ਜ਼ੀਰਾ ਦੇ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰਾਂ ਨੇ ਅੱਜ ਕਾਲਜ ਦੇ ਗੇਟ ਅੱਗੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰੋਫੈਸਰਾਂ ਨੇ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਸਰਕਾਰੀ ਕਾਲਜਾਂ ਨੂੰ ਆਪਣੀਆਂ ਸੇਵਾਵਾਂ ਨਿਗੁਣੀ ਤਨਖ਼ਾਹ ’ਤੇ ਦੇ ਰਹੇ ਹਨ ਪਰ ਸਰਕਾਰ ਇਨ੍ਹਾਂ ਗੈਸਟ ਫੈਕਲਟੀ ਪ੍ਰੋਫੈਸਰਾਂ ਦੀ ਥਾਂ ਨਵੀਂ ਭਰਤੀ ਕਰਨ ਜਾ ਰਹੀ ਹੈ, ਜਿਸ ਨੂੰ ਪ੍ਰੋਫੈਸਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਗੈਸਟ ਫੈਕਿਲਟੀ ਪ੍ਰੋਫੈਸਰਾਂ ਦੇ ਭਵਿੱਖ ਨੂੰ ਸੁਰੱਖਿਅਤ ਨਾ ਕੀਤਾ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। ਕਾਲਜ ਦੇ ਵਿਦਿਆਰਥੀਆਂ ਨੇ ਵੀ ਆਪਣੇ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕੀਤਾ। ਸਰਕਾਰੀ ਕਾਲਜਾਂ ਵਿੱਚ ਇਸ ਸਮੇਂ ਲਗਪਗ ਪੰਜ ਸੌ ਪੋਸਟਾਂ ਖਾਲੀ ਪਈਆਂ ਹਨ , ਇਸ ਲਈ ਸਰਕਾਰ ਨੂੰ ਇੱਥੇ ਭਰਤੀ ਕਰ ਕੇ ਗੈਸਟ ਲੈਕਚਰਾਰਾਂ ਦਾ ਭਵਿੱਖ ਸੁਰੱਖਿਅਤ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰੋਫੈਸਰ ਸਤਵਿੰਦਰਪਾਲ ਸਿੰਘ, ਪਵਿੱਤਰ ਸਿੰਘ, ਗੁਰਵਿੰਦਰ ਸਿੰਘ, ਵੇਦ ਪ੍ਰਕਾਸ਼, ਕੁਲਵੰਤ ਸਿੰਘ, ਜਸ਼ਨਪ੍ਰੀਤ ਸਿੰਘ ਨੇ ਕਲਾਸਾਂ ਦਾ ਬਾਈਕਾਟ ਕਰ ਕੇ ਸੰਘਰਸ਼ ਦਾ ਸਮਰਥਨ ਕੀਤਾ।