ਪੱਤਰ ਪ੍ਰੇਰਕ
ਮਾਨਸਾ, 31 ਅਗਸਤ
ਸੀਪੀਆਈ (ਐਮ.ਐਲ) ਲਿਬਰੇਸ਼ਨ ਨੇ ਪੰਜਾਬ ਵਿਚ ਕੁਝ ਕਿਸਾਨ ਆਗੂਆਂ ਤੇ ਵਕੀਲਾਂ ਦੇ ਘਰਾਂ ’ਤੇ ਐੱਨਆਈਏ ਵਲੋਂ ਕੀਤੀ ਛਾਪੇਮਾਰੀ ਅਤੇ ਉਨ੍ਹਾਂ ਦੇ ਫੋਨ ਜਾਂ ਹੋਰ ਰਿਕਾਰਡ ਜ਼ਬਤ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਕੇਂਦਰ ਸਰਕਾਰ ਦੀ ਇਕ ਭੜਕਾਊ ਅਤੇ ਗੈਰ ਕਾਨੂੰਨੀ ਕਾਰਵਾਈ ਕਰਾਰ ਦਿੱਤਾ ਹੈ। ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰ ਅਤੇ ਸੂਬਾਈ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਹਰਿਆਣਾ ਵਿਚਲੇ ਲੰਬੇ ਤੇ ਸ਼ਾਂਤਮਈ ਕਿਸਾਨ ਅੰਦੋਲਨ ਅਤੇ ਸਿਰ ਉੱਤੇ ਆਈਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਪਣੀ ਖਸਤਾ ਹਾਲਤ ਕਾਰਨ ਸਿਆਸੀ ਬਿਰਤਾਂਤ ਨੂੰ ਬਦਲਣਾ ਚਾਹੁੰਦੀ ਹੈ, ਜਿਸ ਲਈ ਉਹ ਜਨਤਾ ਵਿੱਚ ਡਰ ਤੇ ਬੇਯਕੀਨੀ ਦਾ ਮਾਹੌਲ ਪੈਦਾ ਕਰਨ ਲਈ ਅਜਿਹੀਆਂ ਸਾਜਿਸ਼ਾਂ ਘੜ ਰਹੀ ਹੈ।