ਖੇਤਰੀ ਪ੍ਰਤੀਨਿਧ
ਬਰਨਾਲਾ , 27 ਮਈ
ਤਰਕਸ਼ੀਲ ਸੁਸਾਇਟੀ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੱਖ-ਵੱਖ ਧਾਰਮਿਕ ਡੇਰਿਆਂ ਅਤੇ ਆਗੂਆਂ ਨਾਲ ਚੋਣਾਂ ਦੌਰਾਨ ਵਿਸ਼ੇਸ਼ ਮੁਲਾਕਾਤਾਂ ਰਾਹੀਂ ਧਰਮਾਂ, ਜਾਤਾਂ, ਫ਼ਿਰਕਿਆਂ ਦੇ ਆਧਾਰ ’ਤੇ ਸ਼ਰਧਾਲੂਆਂ/ ਵੋਟਰਾਂ ਤੋਂ ਵੋਟਾਂ ਮੰਗਣ ਦੀ ਫ਼ਿਰਕੂ ਸਿਆਸਤ ਅਤੇ ਨਫ਼ਰਤੀ ਭਾਸ਼ਣਾਂ ਦਾ ਵਿਰੋਧ ਕਰਦਿਆਂ ਚੋਣ ਕਮਿਸ਼ਨ ਨੂੰ ਅਜਿਹੇ ਸਿਆਸੀ ਆਗੂਆਂ ਅਤੇ ਹੁਕਮਰਾਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਸੁਸਾਇਟੀ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ, ਬਲਬੀਰ ਲੌਂਗੋਵਾਲ ਤੇ ਸੁਮੀਤ ਅੰਮ੍ਰਿਤਸਰ ਨੇ ਇੱਥੇ ਮੀਟਿੰਗ ਉਪਰੰਤ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਧਰਮ, ਜਾਤ-ਪਾਤ, ਫ਼ਿਰਕੇ, ਇਲਾਕੇ, ਭਾਸ਼ਾ ਦੇ ਨਾਂਅ ਹੇਠ ਵੋਟਾਂ ਮੰਗਣੀਆਂ ਗ਼ੈਰਕਾਨੂੰਨੀ ਹਨ। ਇਸ ਦੇ ਬਾਵਜੂਦ ਸਿਆਸੀ ਪਾਰਟੀਆਂ ਅਤੇ ਮੰਤਰੀਆਂ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਸਿਰਸਾ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦੇਣ ਦੀ ਆਲੋਚਨਾ ਕੀਤੀ। ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਮ ਮੰਦਰ ਦੇ ਨਾਂ ਹੇਠ ਤੇ ਮੁਸਲਿਮ ਫਿਰਕੇ ਵਿਰੁੱਧ ਨਫ਼ਰਤੀ ਭਾਸ਼ਣ ਕਰਕੇ ਵੋਟਾਂ ਦਾ ਧਰੁਵੀਕਰਨ ਕੀਤਾ ਜਾ ਰਿਹਾ ਹੈ।