ਨਿੱਜੀ ਪੱਤਰ ਪ੍ਰੇਰਕ
ਮੋਗਾ, 12 ਨਵੰਬਰ
ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ (ਪੀਆਰਓਐੱਸ) ਨੇ ਪਿੰਡ ਰਾਏਕੇ ਕਲਾਂ (ਬਠਿੰਡਾ) ਵਿੱਚ ਕਿਸਾਨਾਂ ਵੱਲੋਂ ਨਾਇਬ ਤਹਿਸੀਲਦਾਰ ਦੇ ਘਿਰਾਓ ਦੀ ਜ਼ੋਰਦਾਰ ਨਿਖ਼ੇਧੀ ਕੀਤੀ ਹੈ। ਜਥੇਬੰਦੀ ਨੇ ਮਾਲ ਅਧਿਕਾਰੀਆਂ ਦੀਆਂ ਮੁਸ਼ਕਲਾਂ ਲਈ ਸੂਬੇ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੋਂ ਸਮੇਂ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਚਰਨ ਸਿੰਘ ਚੰਨੀ ਤੇ ਜਨਰਲ ਸਕੱਤਰ ਮਨਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਤੇ ਹੋਰ ਅਧਿਕਾਰੀਆਂ ਦੇ ਘਿਰਾਓ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੂਬਾ ਸਰਕਾਰ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਅਜਿਹੀਆਂ ਘਟਨਾਵਾਂ ਭਵਿੱਖ ਵਿਚ ਨਾ ਵਾਪਰਨ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਮਾਲ ਅਧਿਕਾਰੀਆਂ ਦੀਆਂ ਮੁਸ਼ਕਲਾਂ ਲਈ ਸੂਬੇ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੋਂ ਨਿੱਜੀ ਤੌਰ ਉੱਤੇ ਮਿਲਣ ਲਈ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਮੰਗ ਕਰਨਗੇ ਕਿ ਭਵਿੱਖ ’ਚ ਅਜਿਹੀ ਘਟਨਾ ਕਾਰਨ ਜੇ ਕਿਸੇ ਅਧਿਕਾਰੀ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਸਰਕਾਰ ਪੀੜਤ ਅਧਿਕਾਰੀ ਦੇ ਪਰਿਵਾਰ ਨੂੰ 1 ਕਰੋੜ ਐਕਸ਼ਗਰੇਸ਼ੀਆ ਗ੍ਰਾਂਟ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਤਰਸ ਦੇ ਆਧਾਰ ਉੱਤੇ ਨੌਕਰੀ ਅਤੇ ਸੁਰੱਖਿਆ ਤੇ ਆਤਮ ਸਨਮਾਨ ਦੇਵੇ। ਉਨ੍ਹਾਂ ਕਿਹਾ ਕਿ ਇਸ ਸਾਲ 16 ਜੁਲਾਈ ਨੂੰ ਤਤਕਾਲੀ ਮਾਲ ਮੰਤਰੀ ਜਿੰਪਾ ਅਤੇ ਸੂਬੇ ਦੇ ਤਤਕਾਲੀ ਵਿੱਤ ਕਮਿਸ਼ਨਰ (ਮਾਲ) ਨਾਲ ਮੀਟਿੰਗ ’ਚ ਉਨ੍ਹਾਂ ਦੀਆਂ ਮੰਨੀਆਂ ਗਈਆਂ ਮੰਗਾਂ ਲਟਕ ਗਈਆਂ ਹਨ। ਉਨ੍ਹਾਂ ਪਹਿਲਾਂ ਮੰਨੀਆਂ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ।