ਜਸਵੰਤ ਜੱਸ
ਫ਼ਰੀਦਕੋਟ, 16 ਜੂਨ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਮੌਨੀਟਰਿੰਗ ਕਮੇਟੀ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਵਾਤਾਵਰਨ ਸੁਧਾਰ ਲਈ ਤਿਆਰ ਕੀਤੇ ਗਏ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਤੇ ਸੇਵਾ ਮੁਕਤ ਜਸਟਿਸ ਜਸਬੀਰ ਸਿੰਘ ਨੇ ਕੀਤੀ। ਮੀਟਿੰਗ ਵਿੱਚ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਕਮੇਟੀ ਮੈਂਬਰ ਐੱਸ.ਸੀ. ਅਗਰਵਾਲ, ਡਾ. ਬਾਬੂ ਰਾਮ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਦਿ ਅਧਿਕਾਰੀ ਹਾਜ਼ਰ ਸਨ।
ਚੇਅਰਮੈਨ ਜਸਬੀਰ ਸਿੰਘ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਉਪਰਾਲੇ ਹੋਰ ਤੇਜ਼ ਕਰਨੇ ਚਾਹੀਦੇ ਹਨ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਠੋਸ ਰਹਿੰਦ-ਖੂੰਹਦ, ਪਲਾਸਟਿਕ ਵੇਸਟ, ਈ-ਵੇਸਟ, ਸੀਐਂਡਡੀ ਵੇਸਟ ਬਾਇਓ-ਮੈਡੀਕਲ ਵੇਸਟ, ਖਤਰਨਾਕ ਰਹਿੰਦ-ਖੂੰਹਦ, ਹਵਾ ਦੀ ਗੁਣਵੱਤਾ, ਪਾਣੀ ਦੀ ਗੁਣਵੱਤਾ, ਉਦਯੋਗਿਕ ਪ੍ਰਬੰਧਨ ਆਦਿ ਨੂੰ ਸਮਾਂ-ਸੀਮਾਵਾਂ ਅੰਦਰ ਪੂਰਾ ਕੀਤਾ ਜਾਵੇ। ਇਸ ਮੀਟਿੰਗ ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਈ-ਵੇਸਟ ਪ੍ਰਬੰਧਨ, ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ, ਵੇਸਟ ਵਾਟਰ ਕੁਆਲਿਟੀ ਮੈਨੇਜਮੈਂਟ, ਏਅਰ ਕੁਆਲਿਟੀ ਮੈਨੇਜਮੈਂਟ, ਸ਼ੋਰ ਪ੍ਰਦੂਸ਼ਣ ਪ੍ਰਬੰਧਨ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜ਼ਿਲ੍ਹਾ ਵਾਤਾਵਰਨ ਯੋਜਨਾ ਵਿੱਚ ਸਮਾਂ-ਸੀਮਾ ਦੇ ਨਾਲ ਜ਼ਿਕਰ ਕੀਤੀਆਂ ਗਤੀਵਿਧੀਆਂ ਨਾਲ ਸਬੰਧਤ ਪ੍ਰਗਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਪੀਲ ਕੀਤੀ ਕਿ 1974 ਦੇ ਬਣੇ ਐਕਟ ਨੂੰ ਸਹੀ ਨੀਅਤ ਨਾਲ ਲਾਗੂ ਕਰਨਾ ਚਾਹੀਦਾ ਹੈ। ਜਿਹੜੇ ਅਧਿਕਾਰੀ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਾਫ ਪੀਣ ਵਾਲਾ ਪਾਣੀ ਅਤੇ ਆਬੋ ਹਵਾ ਮਨੁੱਖਤਾ ਨਾਲ ਜੁੜੇ ਹੋਏ ਮੁੱਦੇ ਹਨ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਭਰੋਸਾ ਦਿੱਤਾ ਕਿ ਫਰੀਦਕੋਟ ਜ਼ਿਲ੍ਹੇ ’ਚ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਏਗੀ।