ਜਸਵੰਤ ਜੱਸ
ਫਰੀਦਕੋਟ, 1 ਜੁਲਾਈ
ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 58 ਦਿਨਾਂ ਤੋਂ ਹੜਤਾਲ ’ਤੇ ਬੈਠੇ ਨਗਰ ਕੌਂਸਲ ਦੇ ਸੈਂਕੜੇ ਮੁਲਾਜ਼ਮਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਨਤਕ ਥਾਵਾਂ ਉੱਪਰ ਲੱਗੇ ਕੂੜੇ ਦੇ ਢੇਰਾਂ ਨੂੰ ਚੁੱਕਣ ਦੀ ਦਰਿਆਦਿਲੀ ਦਿਖਾਈ। ਹਾਲਾਂਕਿ ਇਨ੍ਹਾਂ ਕਰਮਚਾਰੀਆਂ ਦੀ ਹੜਤਾਲ ਅਜੇ ਜਾਰੀ ਰਹੇਗੀ ਅਤੇ ਇਨ੍ਹਾਂ ਦੀਆਂ ਮੰਗਾਂ ਬਾਰੇ ਵੀ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ।
ਕੁਲਦੀਪ ਕੁਮਾਰ ਸ਼ਰਮਾ, ਸੰਤ ਰਾਮ, ਰਾਜੂ ਕੁਮਾਰ ਵੈਦ ਅਤੇ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ 13 ਮਈ ਤੋਂ ਹੜਤਾਲ ’ਤੇ ਚੱਲ ਰਹੇ ਹਨ ਜਿਸ ਕਰਕੇ ਸਕੂਲਾਂ, ਹਸਪਤਾਲਾਂ, ਮੁੱਖ ਰਸਤਿਆਂ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਕੂੜੇ ਦੇ ਵੱਡੇ ਢੇਰ ਲੱਗ ਗਏ ਸਨ ਅਤੇ ਮਹਾਮਾਰੀ ਕਾਰਨ ਆਮ ਲੋਕਾਂ ਨੂੰ ਇਹ ਗੰਦਗੀ ਨੁਕਸਾਨ ਪਹੁੰਚਾ ਸਕਦੀ ਸੀ। ਇਸ ਕਰਕੇ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਨਤਕ ਥਾਵਾਂ ’ਤੇ ਪਏ ਕੂੜੇ ਦੇ ਢੇਰਾਂ ਅੱਜ ਚੁੱਕਣਾ ਸ਼ੁਰੂ ਕਰ ਦਿੱਤਾ। ਸਫ਼ਾਈ ਕਰਮਚਾਰੀ ਉਹੀ ਕੂੜੇ ਦੇ ਢੇਰ ਚੁੱਕਣਗੇ ਜਿਨ੍ਹਾਂ ਤੋਂ ਲੋਕਾਂ ਨੂੰ ਸਮੱਸਿਆ ਹੈ। ਸਰਕਾਰੀ ਕੁਆਰਟਰਾਂ ਨੇੜੇ ਪਏ ਕੂੜੇ ਦੇ ਢੇਰ ਨਹੀਂ ਚੁੱਕੇ ਜਾਣਗੇ। ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ 58 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਇਸ ਸੰਘਰਸ਼ ਵਿੱਚ ਸਮਾਜ ਦੇ ਹਰ ਵਰਗ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਕਰਕੇ ਉਨ੍ਹਾਂ ਕੂੜਾ ਤੇ ਗੰਦਗੀ ਜੋ ਸ਼ਹਿਰ ਦੇ ਲੋਕਾਂ ਲਈ ਸਮੱਸਿਆ ਬਣੀ ਹੋਈ ਸੀ, ਨੂੰ ਅੱਜ ਚੁੱਕ ਦਿੱਤਾ।
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਨੇ ਸਫ਼ਾਈ ਕਰਮਚਾਰੀਆਂ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।