ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ
ਪਿੰਡ ਜੰਡੋਕੇ ਵਿਖੇ ਮਜ਼ਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਪੰਜਾਬ ਦੀ ਚੰਨੀ ਸਰਕਾਰ ਵੱਲੋਂ ਮੰਨੀਆਂ ਮੰਗਾਂ ’ਚ ਪੰਜ ਪੰਜ ਮਰਲੇ ਰਿਹਾਇਸ਼ੀ ਪਲਾਟ ਅਲਾਟ ਨਾ ਕਰਨ ਦੇ ਰੋਸਸ ਵਜੋਂ ਪਿੰਡ ਦੀ ਪੰਚਾਇਤੀ ਸ਼ਾਮਲਾਟ ਜ਼ਮੀਨ ’ਤੇ ਝੁੱਗੀਆਂ ਪਾ ਕੇ ਸੰਘਰਸ਼ ਵਿੱਢ ਦਿੱਤਾ ਹੈ ਇਹ ਸੰਘਰਸ਼ ਪਿੰਡ ਇਕਾਈ ਦੇ ਪ੍ਰਧਾਨ ਅਮਰਜੀਤ ਸਿੰਘ ਜੰਡੋਕੇ ਤੇ ਸਕੱਤਰ ਰੰਗਾਂ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਹੈ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਸੰਯੁਕਤ ਸੱਕਤਰ ਜਗਜੀਤ ਸਿੰਘ ਜੱਸੇਆਣਾ ਨੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਪੂਰੀ ਤਰ੍ਹਾਂ ਘੇਸਲ ਵੱਟੀ ਜਾ ਰਹੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਮਜ਼ਦੂਰਾਂ ਦੇ ਬਿਜਲੀ ਦੇ ਕੱਟੇ ਕੁਨੈਕਸ਼ਨ ਦੁਬਾਰਾ ਜੋੜਨ ਤੋਂ ਵੀ ਆਨਾ-ਕਾਨੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਭਾਵੇਂ ਚੰਨੀ ਸਰਕਾਰ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਪੈਨਲ ਮੀਟਿੰਗ 23 ਨੰਵਬਰ ਨੂੰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਵਿੱਚ ਮਜ਼ਦੂਰ ਮੰਗਾਂ ਦੀ ਵਿਸਥਾਰ ਪੂਰਵਕ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਬਚਾਓ ਸੰਯੁਕਤ ਮੋਰਚਾ ਦੀ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿੱਥੇ ਲੱਖਾਂ ਕਿਰਤੀ ਲੋਕ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਵੀ ਮੰਗਾਂ ਲਾਗੂ ਨਾ ਕੀਤੀਆਂ ਤਾਂ ਮਜ਼ਦੂਰ ਜਥੇਬੰਦੀਆਂ 7 ਤੇ 8 ਦਸੰਬਰ ਨੂੰ ਪੂਰੇ ਪੰਜਾਬ ਵਿੱਚ ਚੰਨੀ ਸਰਕਾਰ ਦੀਆਂ ਅਰਥੀਆਂ ਸਾੜਨਗੀਆਂ।