ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 3 ਸਤੰਬਰ
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਐਤਕੀਂ ਪੰਚਾਇਤੀ ਚੋਣਾਂ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਨਾ ਕਰਵਾਏ ਜਾਣ ਦੇ ਫ਼ੈਸਲੇ ਨੂੰ ਭਾਜਪਾ ਨੇ ਡਰਾਮੇਬਾਜ਼ੀ ਕਰਾਰ ਦਿੱਤਾ ਹੈ। ਭਾਜਪਾ ਦੇ ਸੂਬਾ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਪਹਿਲਾਂ ਵੀ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਉਪਰ ਨਹੀਂ ਲੜੀਆਂ ਜਾਂਦੀਆਂ। ਸਰਪੰਚ ਅਤੇ ਪੰਚਾਇਤ ਮੈਂਬਰ ਪਿੰਡਾਂ ਵਿੱਚ ਆਪਣੇ ਪੱਧਰ ’ਤੇ ਹੀ ਚੋਣ ਲੜਦੇ ਆ ਰਹੇ ਹਨ ਜਦਕਿ ਆਪ ਸਰਕਾਰ ਵਲੋਂ ਇਸ ਸਬੰਧੀ ਬਾਕਾਇਦਾ ਮਤਾ ਪਾਸ ਕਰਨ ਦੇ ਮਾਮਲੇ ’ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਕੋਈ ਵੀ ਸਿਆਸੀ ਪਾਰਟੀ ਵਲੋਂ ਨਾ ਤਾਂ ਕੋਈ ਉਮੀਦਵਾਰ ਬਣਾਇਆ ਜਾਂਦਾ ਹੈ ਅਤੇ ਨਾ ਹੀ ਕਿਸੇ ਨੂੰ ਚੋਣ ਨਿਸ਼ਾਨ ਦਿੱਤਾ ਜਾਂਦਾ ਹੈ।
‘ਆਪ’ ਸਰਕਾਰ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਅਜਿਹੀਆਂ ਡਰਾਮੇਬਾਜ਼ੀਆ ਕਰ ਰਹੀ ਹੈ। ਕੇਵਲ ਢਿੱਲੋਂ ਨੇ ਕਿਹਾ ਕਿ ਆਪ ਸਰਕਾਰ ਹਰ ਫ਼ਰੰਟ ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ, ਜਿਲ੍ਹਾ ਪਰਿਸ਼ਦ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਅਤੇ ਜਗਸੀਰ ਸਿੰਘ ਧਨੋਆ ਸੇਖਾ ਹਾਜ਼ਰ ਸਨ।