ਪੱਤਰ ਪ੍ਰੇਰਕ
ਮਾਨਸਾ, 19 ਜੁਲਾਈ
ਡਿਪਟੀ ਕਮਿਸ਼ਨਰ ਮਾਨਸਾ ਦੇ ਮਾੜੇ ਵਿਹਾਰ ਤੋਂ ਦੁਖੀ ਹੋਏ ਦਿ ਰੈਵੇਨਿਊ ਪਟਵਾਰੀ ਤੇ ਕਾਨੂੰਗੋ ਐਸੋਸੀਏਸ਼ਨ ਦੇ ਆਗੂਆਂ ਨੇ ਲਗਾਤਾਰ 10ਵੇਂ ਦਿਨ ਜ਼ਿਲ੍ਹਾ ਪੱਧਰੀ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ। ਪ੍ਰਸ਼ਾਸਨ ਦੇ ਅੜੀਅਲ ਰਵੱਈਏ ਖ਼ਿਲਾਫ਼ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਨਵ-ਨਿਯੁਕਤ ਪਟਵਾਰੀਆਂ ਦੇ ਖਿਲਾਫ਼ ਵਾਧੂ ਸਰਕਲਾਂ ਦਾ ਕੰਮ ਛੱਡੇ ਜਾਣ ਕਰਕੇ, ਜੋ ਪੱਤਰ ਕੱਢਿਆ ਗਿਆ ਹੈ, ਨੂੰ ਵਾਪਸ ਨਹੀਂ ਲਿਆ ਗਿਆ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਹੈਰੀ ਨੇ ਦੱਸਿਆ ਕਿ ਪਟਵਾਰੀਆਂ ਨੇ ਵਾਧੂ ਸਰਕਲ ਪੰਜਾਬ ਬਾਡੀ ਦੇ ਆਦੇਸ਼ ਅਨੁਸਾਰ ਛੱਡੇ ਹਨ, ਜਿਸ ਦਾ ਉਨ੍ਹਾਂ ਨੂੰ ਕੋਈ ਵਾਧੂ ਮਿਹਨਤਾਨਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਭਲਕੇ ਜ਼ਿਲ੍ਹਾ ਸੰਗਰੂਰ ਤੋਂ ਦੀ ਰੈਵੇਨਿਊ ਪਟਵਾਰ ਯੂਨੀਅਨ ਇਸ ਧਰਨੇ ਨੂੰ ਸਮਰਥਨ ਦੇਣ ਲਈ ਮਾਨਸਾ ਪਹੁੰਚ ਰਹੇ ਹਨ।