ਜੋਗਿੰਦਰ ਸਿੰਘ ਮਾਨ
ਮਾਨਸਾ, 9 ਜੁਲਾਈ
ਜ਼ਿਲ੍ਹਾ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਅੜੀਅਲ ਰਵੱਈਏ ਖਿਲਾਫ਼ ਜ਼ਿਲ੍ਹਾ ਪੱਧਰੀ ਧਰਨੇ ਵਿੱਚ ਇਕੱਠੇ ਹੋਏ ਦਿ ਰੈਵੇਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਆਗੂਆਂ ਵੱਲੋਂ ਅੱਜ ਲਗਾਤਾਰ ਦੂਸਰੇ ਦਿਨ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਅੱਜ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਹੈਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਅਪਣਾਏ ਜਾ ਰਹੇ ਅੜੀਅਲ ਰਵੱਈਏ ਖਿਲਾਫ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਯੂਨੀਅਨ ਕਾਰਕੁਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਉਹ ਸਮੁੱਚੇ ਪੰਜਾਬ ਵਿੱਚ ਚੱਲ ਰਹੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਹੱਥ ਕੰਢੇ ਅਪਣਾਉਣਾ ਬੰਦ ਕਰਨ। ਉਨ੍ਹਾਂ ਦੱਸਿਆ ਕਿ ਰਾਜ ਦੇ ਪਟਵਾਰੀ ਅਤੇ ਕਾਨੂੰਗੋ ਕਰਮਚਾਰੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਹੋਇਆ ਹੈ, ਜਿਸ ਨੂੰ ਤਾਰਪੀਡੋ ਕਰਨ ਲਈ 7 ਜੁਲਾਈ ਨੂੰ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਵਲੋਂ ਅਚਾਨਕ ਇੱਕ ਪੱਤਰ ਜਾਰੀ ਕੀਤਾ ਗਿਆ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਜਾਰੀ ਸਬੰਧਤ ਪੱਤਰ ਵਾਪਸ ਨਹੀਂ ਲਿਆ ਜਾਂਦਾ ਤਾਂ ਇਹ ਸੰਘਰਸ਼ ਹੋਰ ਤਿੱਖਾ ਹੋਵੇਗਾ।