ਰਵਿੰਦਰ ਰਵੀ/ਪਰਸ਼ੋਤਮ ਬੱਲੀ
ਬਰਨਾਲਾ, 16 ਸਤੰਬਰ
ਸਿਹਤ ਸੰਭਾਲ ਪੇਸ਼ੇਵਰਾਂ ਅਤੇ ਪੈਰਾਮੈਡਿਕ ਸਟਾਫ਼ ਦੇ ਹਿੱਤਾਂ ਦੀ ਰਾਖੀ ਲਈ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ ਕੀਤਾ ਗਿਆ ਹੈ।
ਸਿਹਤ ਕਰਮੀਆਂ ਦੀ ਸੁਰੱਖਿਆ ਲਈ ਪੰਜ ਮੈਂਬਰੀ ਬੋਰਡ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਡਿਪਟੀ ਕਮਿਸ਼ਨਰ, ਐੱਸਐੱਸਪੀ, ਸਿਵਲ ਸਰਜਨ, ਫਾਰਮੇਸੀ ਅਫਸਰ, ਜ਼ਿਲ੍ਹਾ ਆਈਐੱਮਏ ਦੇ ਪ੍ਰਧਾਨ, ਮੈਡੀਕਲ ਅਫਸਰ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ। ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ’ਚ ਵਿਸ਼ੇਸ਼ ਤੌਰ ’ਤੇ ਪੁਲੀਸ ਦੀਆਂ ਪੀਸੀ ਆਰ ਗੱਡੀਆਂ ਤਾਇਨਾਤ ਕੀਤੀ ਜਾਣਗੀਆਂ। 24 ਘੰਟੇ ਚੱਲਣ ਵਾਲੇ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਟੱਲੇਵਾਲ, ਰੂੜੇਕੇ ਕਲਾਂ, ਭੱਠਲਾਂ, ਢਿਲਵਾਂ ਅਤੇ ਠੀਕਰੀਵਾਲ ਸ਼ਾਮਲ ਹਨ। ਡੀਸੀ ਨੇ ਦੱਸਿਆ ਕਿ ਉਪਰੋਕਤ ਸਾਰੇ ਸਿਹਤ ਕੇਂਦਰਾਂ ਵਿੱਚ ਪਹਿਲਾਂ ਤੋਂ ਹੀ ਲਗਾਏ ਗਏ ਸਾਰੇ ਸੀਸੀਟੀਵੀ ਕੈਮਰੇ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਨਾਲ ਹੀ ਵਾਧੂ ਕੈਮਰੇ ਅਤੇ ਪਹਿਲਾਂ ਤੋਂ ਲੱਗੇ ਕੈਮਰਿਆਂ ਲਈ ਸਰਕਾਰ ਤੋਂ ਫੰਡ ਲਈ ਜਾ ਰਹੇ ਹਨ। ਉਨ੍ਹਾਂ ਡਾਕਟਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੀਮਤੀ ਮਨੁੱਖੀ ਜਾਨਾਂ ਬਚਾਉਣ ਵਾਲੇ ਪੇਸ਼ੇਵਰਾਂ ਦੀ ਹਰ ਮੌਕੇ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ।