ਖੇਤਰੀ ਪ੍ਰਤੀਨਿਧ
ਬਰਨਾਲਾ, 27 ਅਗਸਤ
ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਸਬੰਦੀ ਸਥਾਨਕ ਰੇਲਵੇ ਸਟੇਸ਼ਨ ’ਤੇ ਲੱਗੇ ਸਾਂਝੇ ਕਿਸਾਨ ਧਰਨੇ ਦੌਰਾਨ ਅੱਜ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਮੰਗਾਂ ਪ੍ਰਤੀ ਅੜੀਅਲ ਵਤੀਰਾ ਧਾਰਨ ਕਰ ਰੱਖਿਆ ਹੈ। ਸਰਕਾਰ ਨੂੰ ਬੰਗਾਲ ਚੋਣਾਂ ਦੀ ਤਰ੍ਹਾਂ, ਯੂਪੀ ਵਿਧਾਨ ਸਭਾ ਚੋਣਾਂ ’ਚ ਸਿਆਸੀ ਹਲੂਣਾ ਦੇਣ ਲਈ ਬੀਜੇਪੀ ਨੂੰ ਹਰਾਉਣਾ ਜ਼ਰੂਰੀ ਹੈ। ਇਸੇ ਨੀਤੀ ਤਹਿਤ 5 ਸਤੰਬਰ ਨੂੰ ਮੁਜ਼ਫਰਨਗਰ ਵਿੱਚ ਇੱਕ ਕਿਸਾਨ ਮਹਾ ਪੰਚਾਇਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 25 ਸਤੰਬਰ ਨੂੰ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਨੌਜਵਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਭਾਰਤ ਬੰਦ ਕੀਤਾ ਜਾਵੇਗਾ। ਆਗੂਆਂ ਨੇ ਧਰਨਾਕਾਰੀਆਂ ਨੂੰ ਇਨ੍ਹਾਂ ਪ੍ਰੋਗਰਾਮਾਂ ਦੀ ਸਫ਼ਲਤਾ ਲਈ ਹੁਣੇ ਤੋਂ ਤਿਆਰੀਆਂ ਵਿੱਢਣ ਦਾ ਹੋਕਾ ਦਿੱਤਾ ਹੈ। ਧਰਨੇ ਨੂੰ ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ, ਉਜਾਗਰ ਸਿੰਘ ਬੀਹਲਾ, ਨਛੱਤਰ ਸਿੰਘ ਸਹੌਰ ਆਦਿ ਨੇ ਸੰਬੋਧਨ ਕੀਤਾ। ਉਧਰ, ਰਿਲਾਇੰਸ ਮਾਲ ਬਰਨਾਲਾ ਅੱਗੇ ਲੱਗਿਆ ਧਰਨਾ ਅੱਜ 331ਵੇਂ ਦਿਨ ਵੀ ਜਾਰੀ ਰਿਹਾ।
ਬਰੇਟਾ (ਪੱਤਰ ਪ੍ਰੇਰਕ): ਇਥੇ ਰੇਲਵੇ ਪਾਰਕ ਵਿੱਚ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਦੌਰਾਨ ਕਿਸਾਨਾਂ ਵੱਲੋਂ ਪਟਿਆਲਾ ਵਿੱਚ ਬੇਰੁਜ਼ਗਾਰਾਂ ਤੇ ਸਾਂਝਾ ਮੋਰਚੇ ਦੇ ਆਗੂ ਵਰਕਰਾਂ ’ਤੇ ਲਾਠੀਚਾਰਜ ਅਤੇ 250 ਮੈਂਬਰਾਂ ਦੇ ਝੂਠੇ ਪੁਲੀਸ ਕੇਸ ਦਰਜ ਕਰਨ ਦੀ ਸਖਤ ਕੀਤੀ ਗਈ। ਉਧਰ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਧਰਨਾ ਪੈਟਰੋਲ ਪੰਪ ’ਤੇ ਲਗਾਤਾਰ ਚੱਲ ਰਿਹਾ ਹੈ।
ਮਹਿਲ ਕਲਾਂ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਲਈ ਟੌਲ ਪਲਾਜ਼ਾ ਮਹਿਲ ਕਲਾਂ ਅੱਗੇ ਪੱਕਾ ਕਿਸਾਨ ਧਰਨਾ ਜਾਰੀ ਹੈ।
ਨਥਾਣਾ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਗੋਬਿੰਦਪੁਰਾ ਵਿੱਚ ਕਿਸਾਨ ਸੰਘਰਸ਼ ਦੀ ਲਾਮਬੰਦੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਪ੍ਰਧਾਨ ਬਖਸ਼ੀਸ਼ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਦਰਬਾਰਾ ਸਿੰਘ, ਮੀਤ ਪ੍ਰਧਾਨ ਨਿੱਕਾ ਸਿੰਘ, ਸਕੱਤਰ ਰਘਬੀਰ ਸਿੰਘ, ਖਜ਼ਾਨਚੀ ਜੀਤ ਸਿੰਘ ਅਤੇ ਨਛੱਤਰ ਸਿੰਘ, ਬੰਤ ਸਿੰਘ ਅਤੇ ਲਾਡੀ ਸਿੰਘ ਨੂੰ ਕਾਰਜਕਾਰਨੀ ਕਮੇਟੀ ਮੈਂਬਰ ਚੁਣੇ ਗਏ।
ਕਿਸਾਨਾਂ ਵੱਲੋਂ ਰੈਲੀ ਦੀ ਤਿਆਰੀ ਲਈ ਪਿੰਡਾਂ ’ਚ ਜਲਸੇ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਕ ’ਚ ਸਥਿਤ ਟਾਊਨ ਪਾਰਕ ’ਚ ਆਗਾਮੀ 31 ਅਗਸਤ ਨੂੰ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਵੱਲੋਂ ਪਿੰਡ-ਪਿੰਡ ਜਲਸੇ ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਇੱਕਜੁਟ ਕੀਤਾ ਜਾ ਰਿਹਾ ਹੈ। ਇਸ ਰੈਲੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਰਾਕੇਸ਼ ਟਿਕੇਸ਼ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਨਗੇ। ਇਸ ਸਬੰਧੀ ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲੱਖਵਿੰਦਰ ਸਿੰਘ ਲੱਖਾ ਨੇ ਦੱਸਿਆ ਹੈ ਕਿ ਰੈਲੀ ਦੀ ਤਿਆਰੀ ਲਈ ਪਿੰਡ-ਪਿੰਡ ਜਲਸੇ ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਇੱਕਜੁਟ ਕੀਤਾ ਜਾ ਰਿਹਾ ਹੈ।
ਉਗਰਾਹਾਂ ਦਾ ਕਾਫਲਾ ਟਿਕਰੀ ਬਾਰਡਰ ਲਈ ਰਵਾਨਾ
ਸ਼ਹਿਣਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ 20 ਮੈਂਬਰੀ ਕਾਫਲਾ ਸਵੇਰੇ ਕਸਬੇ ਸ਼ਹਿਣਾ ਤੋਂ ਦਿੱਲੀ ਦੇ ਟਿਕਰੀ ਬਾਰਡਰ ਲਈ ਰਵਾਨਾ ਹੋਇਆ। ਕਾਫਲੇ ਦੀ ਅਗਵਾਈ ਜਥੇਬੰਦੀ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹਿਣਾ ਇਕਾਈ ਵੱਲੋਂ 70ਵਾਂ ਕਾਫਲਾ ਭੇਜਿਆ ਗਿਆ ਹੈ। ਜਥੇਬੰਦੀ ਵੱਲੋਂ ਕਾਫਲੇ ’ਚ ਰਾਸ਼ਨ ਆਦਿ ਵੀ ਭੇਜਿਆ ਗਿਆ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਿੰਨਾ ਸਮਾਂ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਜਾਰੀ ਰਹੇਗਾ।